ਆਰਡੀਨੈਂਸ ਮਾਮਲਾ

ਕਿਸਾਨਾਂ ਵੱਲੋਂ ਤਹਿਸੀਲ ਕੰਪਲੈਕਸ ਅੱਗੇ ਨਾਅਰੇਬਾਜ਼ੀ

ਕਿਸਾਨਾਂ ਵੱਲੋਂ ਤਹਿਸੀਲ ਕੰਪਲੈਕਸ ਅੱਗੇ ਨਾਅਰੇਬਾਜ਼ੀ

ਬੀਕੇਯੂ ਦੇ ਆਗੂ ਐੱਸਡੀਐੱਮ ਦਫਤਰ ਦੇ ਅਮਲੇ ਨੂੰ ਮੰਗ ਪੱਤਰ ਦਿੰਦੇ ਹੋਏ।

ਦੇਵਿੰਦਰ ਸਿੰਘ ਜੱਗੀ
ਪਾਇਲ, 30 ਜੂਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਵਾਪਸ ਕਰਵਾਉਣ ਸਮੇਤ ਕਿਸਾਨਾਂ ਦੇ ਭੱਖਦੇ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐੱਸਡੀਐੱਮ ਪਾਇਲ ਰਾਹੀਂ ਮੰਗ ਪੱਤਰ ਭੇਜਿਆ ਗਿਆ।

ਤਹਿਸੀਲ ਕੰਪਲੈਕਸ ਵਿੱਚ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਜਨਤਕ ਪ੍ਰਣਾਲੀ ਦੇ ਖਾਤਮੇ ਕਾਰਨ ਗਰੀਬ ਖਪਤਕਾਰ ਭੁੱਖਮਰੀ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2020 ਨਾਲ ਸਬਸਿਡੀਆਂ ਦਾ ਖਾਤਮਾ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਦੀ ਤਬਾਹੀ ਕੀਤੀ ਜਾਵੇਗੀ, ਡੀਜ਼ਲ ਪੈਟਰੋਲ ਤੇਲ ਕੰਪਨੀਆਂ ਨੂੰ ਲੁੱਟਣ ਲਈ ਰਾਹ ਪੱਧਰਾ ਕੀਤਾ ਗਿਆ ਹੈ, ਜਿਸ ਕਾਰਨ ਆਉਣ ਵਾਲੇ ਸਮੇ ’ਚ ਖੁਦਕਸ਼ੀਆਂ ਦਾ ਵਰਤਾਰਾ ਜਾਰੀ ਰਹੇਗਾ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ 5 ਜੂਨ ਨੂੰ ਜਾਰੀ ਕੀਤੇ ਗਏ ਸਰਕਾਰੀ ਮੰਡੀਕਰਨ ਦੇ ਖਾਤਮੇ ਰਾਹੀ ਖੁੱਲੀ ਮੰਡੀ, ਠੇਕਾ ਖੇਤੀ ਤੇ ਜਨਤਕ ਵੰਡ ਪ੍ਰਣਾਲੀ ਵਰਗੇ ਆਰਡੀਨੈਂਸ ਵਾਪਸ ਲਏ ਜਾਣ। ਇਸ ਮੌਕੇ ਪ੍ਰਧਾਨ ਸਾਧੂ ਸਿੰਘ ਪੰਜੇਟਾ, ਗੁਰਦੀਪ ਸਿੰਘ ਜੀਰਖ, ਹਰਜੀਤ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਐਲਾਨ

ਲੁਧਿਆਣਾ (ਖੇਤਰੀ ਪ੍ਰਤੀਨਿਧ): ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਪ੍ਰਸਤ ਚਰਨ ਸਿੰਘ ਸਰਾਭਾ, ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਸਹਿਦੇਵ, ਸੂਬਾਈ ਜਨਰਲ ਸਕੱਤਰ ਬਲਕਾਰ ਵਲਟੋਹਾ ਤੇ ਸੂਬਾਈ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਕਿਰਤ ਕਾਨੂੰਨਾਂ ਨਾਲ ਛੇੜਛਾੜ ਕਰਕੇ ਕੰਮ-ਦਿਹਾੜੀ ਸਮਾਂ ਵਧਾਉਣ, ਮਹਿੰਗਾਈ ਭੱਤੇ ਦੀਆਂ ਅਗਲੀਆਂ ਤਿੰਨ ਕਿਸ਼ਤਾਂ ’ਤੇ ਪਾਬੰਦੀ ਲਾਉਣ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਪਹਿਲੀਆਂ ਤਿੰਨ ਕਿਸ਼ਤਾਂ ਰੋਕ ਕੇ ਰੱਖਣ ਦੀ ਨਿਖੇਧੀ ਕੀਤੀ। ਇਸ ਦੌਰਾਨ ਉਨ੍ਹਾਂ ਫੈਸਲਾ ਕੀਤਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਨੀਤੀਆਂ ਖਿਲਾਫ਼ 3 ਜੁਲਾਈ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ’ਚ ਅਧਿਆਪਕ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।

ਟਰੇਡ ਯੂਨੀਅਨਾਂ ਵੱਲੋ ਰੋਸ ਮੁਜ਼ਾਹਰਾ 3 ਨੂੰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): 10 ਕੇਂਦਰੀ ਟਰੇਡ ਯੂਨੀਅਨਾਂ ਵੱਲੋ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ 3 ਜੁਲਾਈ ਨੂੰ ਲੁਧਿਆਣਾ ’ਚ ਸੂਬਾ ਪੱਧਰੀ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧੀ ਵੱਖ ਵੱਖ ਟਰੇਡ ਯੂਨੀਅਨਾਂ ਦੀ ਇਕ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਸੀਟੂ ਆਗੂ ਸਾਥੀ ਤਰਸੇਮ ਜੋਧਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੁਲਾਰਿਆਂ ਨੇਤੇਲ ਕੀਮਤਾਂ ਵਿੱਚ ਵਾਧੇ ਤੇ ਕਿਸਾਨੀ ਲਈ 3 ਆਰਡੀਨੈਂਸ ਲੈ ਕੇ ਆਉਣ ਦਾ ਵਿਰੋਧ ਕੀਤਾ।

ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨੇ 8 ਨੂੰ

ਲੁਧਿਆਣਾ (ਖੇਤਰੀ ਪ੍ਰਤੀਨਿਧ): ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 8 ਜੁਲਾਈ ਨੂੰ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੇ ਸੱਦੇ ਸਬੰਧੀ ਅੱਜ ਇੱਕ ਪੋਸਟਰ ਜਾਰੀ ਕੀਤਾ ਗਿਆ। ਇਨਕਲਾਬੀ ਕੇਂਦਰ ਪੰਜਾਬ (ਲੁਧਿਆਣਾ) ਦੇ ਪ੍ਰਧਾਨ ਜਸਵੰਤ ਜੀਰਖ, ਨੌਜਵਾਨ ਸਭਾ ਦੇ ਆਗੂ ਅਰੁਣ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਹੱਕੀ ਆਵਾਜ਼ ਬਣੇ ਬੁੱਧੀਜੀਵੀਆਂ, ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਆਗੂਆਂ ਨੂੰ ਜੇਲ੍ਹੀਂ ਡੱਕਣ, ਡੀਜ਼ਲ/ ਪੈਟਰੋਲ ਮਹਿੰਗਾ ਕਰਨ, ਬੇਰੁਜ਼ਗਾਰੀ ਵਿੱਚ ਵਾਧਾ ਕਰਨ, ਕਿਸਾਨ ਵਿਰੋਧੀ 3 ਆਰਡੀਨੈਸ ਜਾਰੀ ਕਰਨ ਵਿਰੁੱਧ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All