ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 7 ਮਾਰਚ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਬਲਾਕ ਲੁਧਿਆਣਾ-2 ਦੇ ਪ੍ਰਧਾਨ ਗਿਆਨ ਸਿੰਘ ਮੰਡ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਖੇਤਾਂ ਵਿਚ ਹੀ ਵਾਹੁਣ ਲਈ ਮਜਬੂਰ ਹੋ ਰਿਹਾ ਹੈ। ਸ੍ਰੀ ਮੰਡ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ 5 ਏਕੜ ਜ਼ਮੀਨ ਵਿਚ ਗੋਭੀ ਦੀ ਫ਼ਸਲ ਬੀਜੀ ਸੀ ਪਰ ਹੁਣ ਵਾਜਬ ਭਾਅ ਨਾ ਮਿਲਣ ਕਾਰਨ ਅੱਜ ਗੋਭੀ ਖੇਤਾਂ ਵਿਚ ਹੀ ਵਾਹ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰਾਂ ਇੱਕ ਪਾਸੇ ਤਾਂ ਕਿਸਾਨਾਂ ਨੂੰ ਕਣਕ-ਝੋਨੇ ਤੋਂ ਬਾਹਰ ਨਿਕਲਣ ਲਈ ਪ੍ਰਚਾਰ ਕਰ ਰਹੀਆਂ ਹਨ ਪਰ ਜ਼ਮੀਨੀ ਹਕੀਕਤ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੋਰ ਫ਼ਸਲਾਂ ਦੇ ਭਾਅ ਉੱਪਰ ਐੱਮ.ਐੱਸ.ਪੀ ਨਹੀਂ ਮਿਲ ਰਹੀ ਜਿਸ ਕਾਰਨ ਖੇਤੀ ਘਾਟੇ ਵੱਲ ਜਾ ਰਹੀ ਹੈ।
ਗਿਆਨ ਸਿੰਘ ਮੰਡ ਨੇ ਕਿਹਾ ਕਿ ਉਹ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ 102 ਦਿਨਾਂ ਤੋਂ ਦਿੱਲੀ ਸਿੰਘੂ ਬਾਰਡਰ ’ਤੇ ਕਿਸਾਨ ਸੰਘਰਸ਼ ਵਿੱਚ ਡਟੇ ਹੋਏ ਹਨ ਕਿਉਂਕਿ ਇਨ੍ਹਾਂ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਨਾਲ ਫ਼ਸਲਾਂ ਦਾ ਕੋਈ ਵੀ ਲਾਹੇਵੰਦ ਭਾਅ ਨਹੀਂ ਮਿਲਣਾ। ਇਸ ਦੀ ਤਾਜ਼ਾ ਉਦਾਹਰਨ ਇਸ ਤੋਂ ਲਈ ਜਾ ਸਕਦੀ ਹੈ ਕਿ ਉਨ੍ਹਾਂ ਨੂੰ ਗੋਭੀ ਦੀ ਫ਼ਸਲ ਖੇਤ ਵਿਚ ਹੀ ਵਾਹੁਣੀ ਪੈ ਰਹੀ ਹੈ। ਇਸ ਕਾਰਨ ਕਿਸਾਨ ਕਰਜ਼ੇ ਹੇਠ ਆ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਵਾਂਗੂ ਹੋਰ ਵੀ ਕਿਸਾਨ ਖੇਤ ਵਿਚ ਹੀ ਫ਼ਸਲ ਵਾਹੁਣ ਲਈ ਮਜਬੂਰ ਹਨ, ਇਸ ਲਈ ਕਿਸਾਨਾਂ ਨੂੰ 50,000 ਰੁਪਏ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ।