ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 17 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜਥਾ ਰਵਾਨਾ ਹੋਇਆ।
ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਪੰਜ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕ ਤੋਂ ਲਗਾਤਾਰ 72 ਘੰਟੇ ਦਾ ਧਰਨਾ ਦਿੱਤਾ ਜਾ ਰਿਹਾ ਹੈ। ਜੇ ਫਿਰ ਵੀ ਕੋਈ ਕਾਰਵਾਈ ਹੁੰਦੀ ਨਾ ਦਿਖੀ ਤਾਂ ਮੋਰਚੇ ਵੱਲੋਂ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਮੌਕੇ ਹਾਕਮ ਸਿੰਘ ਜਰਗੜੀ, ਬਲਦੇਵ ਸਿੰਘ ਜੀਰਖ, ਕੁਲਦੀਪ ਗੁਜਰਵਾਲ, ਯੁਵਰਾਜ ਸਿੰਘ ਘੁਡਾਣੀ, ਜਸਵੰਤ ਸਿੰਘ, ਲਾਡੀ ਭੈਣੀ ਸਾਹਿਬ ਵੀ ਸ਼ਾਮਲ ਸਨ।
ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਲਖੀਮਪੁਰ-ਖੀਰੀ ਵਿਚ ਭਲਕ ਤੋਂ ਸ਼ੁਰੂ ਹੋਣ ਵਾਲੇ ਧਰਨੇ ਵਿਚ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਅਤੇ ਸੁਧਾਰ ਦੇ ਕਿਸਾਨਾਂ ਦਾ ਜਥਾ ਪਿੰਡ ਨੂਰਪੁਰਾ ਤੋਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ, ਬਲਾਕ ਸਕੱਤਰ ਬਲਰਾਜ ਸਿੰਘ ਹਲਵਾਰਾ ਦੀ ਅਗਵਾਈ ਵਿਚ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਜਥੇ 72 ਘੰਟੇ ਲੜੀਵਾਰ ਧਰਨੇ ਦੇਣਗੇ।
ਗੁਰੂਸਰ ਸੁਧਾਰ: ਉੱਧਰ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਚੱਲ ਰਹੇ ਪੱਕੇ ਮੋਰਚੇ ਤੋਂ ਵੀ ਕਿਸਾਨਾਂ ਦਾ ਇੱਕ ਜਥਾ ਲਖੀਮਪੁਰ-ਖੀਰੀ ਦੇ ਲੜੀਵਾਰ ਧਰਨੇ ਵਿਚ ਸ਼ਮੂਲੀਅਤ ਲਈ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਸੁਦਾਗਰ ਸਿੰਘ ਘੁਡਾਣੀ, ਹਾਕਮ ਸਿੰਘ ਜਰਗੜੀ, ਬਲਦੇਵ ਸਿੰਘ ਜੀਰਖ, ਕੁਲਦੀਪ ਗੁੱਜਰਵਾਲ, ਯੁਵਰਾਜ ਸਿੰਘ ਘੁਡਾਣੀ ਅਤੇ ਜਸਵੰਤ ਸਿੰਘ ਦੀ ਅਗਵਾਈ ਵਿਚ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਜਥਾ ਵੀ 20 ਅਗਸਤ ਤੱਕ ਧਰਨੇ ਵਿਚ ਸ਼ਮੂਲੀਅਤ ਕਰੇਗਾ।
ਕਿਸਾਨੀ ਨਾਅਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ ਜਥਾ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰੀ ਖੀਰੀ ਵਿਖੇ ਭਲਕ ਤੋਂ ਲੱਗਣ ਵਾਲੇ ਤਿੰਨ ਰੋਜ਼ਾ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦਾ ਵੱਡਾ ਜਥਾ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਸ਼ਾਮ ਸਮੇਂ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਤੇ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਕੇਂਦਰ ਤੇ ਯੂਪੀ ਦੀ ਸੱਤ ’ਤੇ ਕਾਬਜ਼ ਭਾਜਪਾ ਵਾਰ-ਵਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਸਣੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਦਰਜ ਝੂਠੇ ਕੇਸ ਕੀਤੇ ਵਾਅਦੇ ਮੁਤਾਬਕ ਵਾਪਸ ਨਹੀਂ ਲਏ ਗਏ। ਪੁਲੀਸ ਨੇ ਕੇਂਦਰੀ ਮੰਤਰੀ ਦਾ ਪੱਖ ਪੂਰਦਿਆਂ ਕਿਸਾਨਾਂ ਉੱਪਰ ਝੂਠੇ ਪੁਲੀਸ ਕੇਸ ਦਰਜ ਕਰ ਕੇ ਜੇਲ੍ਹ ਅੰਦਰ ਡੱਕਿਆ ਹੋਇਆ ਹੈ। ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ, ਅਜੇ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ’ਚੋਂ ਬਰਖ਼ਾਸਤ ਕਰਵਾਉਣ, ਗ੍ਰਿਫ਼ਤਾਰ ਬੇਦੋਸ਼ੇ ਕਿਸਾਨਾਂ ਨੂੰ ਰਿਹਾਅ ਕਰਾਉਣ ਲਈ 18 ਤੋਂ 20 ਅਸਗਤ ਤੱਕ ਮੋਰਚਾ ਲਖੀਮਪੁਰ ਖੀਰੀ ਵਿਚ ਲੱਗੇਗਾ। ਕਿਸਾਨਾਂ ਦਾ ਜਥਾ ਨਾਅਰਿਆਂ ਦੀ ਗੂੰਜ ਤੇ ਹੱਥਾਂ ’ਚ ਕਿਸਾਨੀ ਝੰਡੇ ਫੜ ਕੇ ਰਵਾਨਾ ਹੋਇਆ।
ਇਨਕਲਾਬੀ ਕੇਂਦਰ ਪੰਜਾਬ ਵੱਲੋਂ ਲਖੀਮਪੁਰ ਖੀਰੀ ਧਰਨੇ ਦੀ ਹਮਾਇਤ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ, ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਵਾਉਣ, ਨਿਰਦੋਸ਼ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਾਉਣ ਲਈ ਭਲਕੇ 18 ਤੋਂ 20 ਅਸਗਤ ਤੱਕ ਤਿੰਨ ਰੋਜ਼ਾ ਲਖੀਮਪੁਰ ਮੋਰਚੇ ਵਿੱਚ ਇਨਕਲਾਬੀ ਕੇਂਦਰ ਪੰਜਾਬ ਨੇ ਕਿਸਾਨਾਂ ਨੂੰ ਵੱਡੇ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਅਪੀਲ ਕੀਤੀ ਹੈ। ਧਰਨੇ ਦੀ ਹਮਾਇਤ ਦਾ ਐਲਾਨ ਕਰਦਿਆਂ ਪ੍ਰਧਾਨ ਨਰਾਇਣ ਦੱਤ, ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ’ਚ ਕਿਸਾਨ ਅੰਦੋਲਨ ਦੌਰਾਨ ਯੂਪੀ ’ਚ ਲਖੀਮਪੁਰ ਵਿਖੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਨੇ ਜੀਪ ਹੇਠ ਦਰੜ ਕੇ ਤਿੰਨ ਕਿਸਾਨ ਅਤੇ ਇਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ। ਪੁਲੀਸ ਨੇ ਕੇਂਦਰੀ ਮੰਤਰੀ ਦਾ ਪੱਖ ਪੂਰਦਿਆਂ ਉਲਟਾ ਕਿਸਾਨਾਂ ਉੱਪਰ ਝੂਠੇ ਪੁਲੀਸ ਕੇਸ ਦਰਜ ਕਰ ਕੇ ਜੇਲ੍ਹ ਅੰਦਰ ਡੱਕਿਆ ਹੋਇਆ ਹੈ। ਇਹ ਝੂਠੇ ਪੁਲੀਸ ਕੇਸ ਵਾਪਸ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਉਸੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਇਸ ਗੱਲ ਦਾ ਗਵਾਹ ਹੈ ਕਿ ਵੱਡੀ ਤੋਂ ਵੱਡੀ ਤਾਕਤ ਨੂੰ ਹਰਾਉਣ ਲਈ ਸਾਂਝਾ ਸੰਘਰਸ਼ ਹੀ ਸਾਰਥਿਕ ਸਿੱਟੇ ਕੱਢ ਸਕਦਾ ਹੈ।