BKU Ugrahan Protest: ਡੀ ਸੀ ਦਫ਼ਤਰਾਂ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ
ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਪੱਕੇ ਮੋਰਚੇ ਦੇ ਨੌਂਵੇਂ ਦਿਨ ਦੌਰਾਨ ਅੱਜ ਵੱਖ ਵੱਖ ਕਿਸਾਨ ਆਗੂਆਂ ਨੇ ਕਿਸਾਨ ਜਥੇਬੰਦੀਆਂ ਦੀਆਂ 13 ਸੂਤਰੀ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇੱਥੇ ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਭਾਰਤ ਨੂੰ ਉਨ੍ਹਾਂ ਕੰਪਨੀਆਂ ਹਵਾਲੇ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਕੇ ਉਨ੍ਹਾਂ ਨੂੰ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਵਿੱਚ ਤੇਜ਼ੀ ਨਾਲ ਵਧੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਇਨ੍ਹਾਂ ਕੰਪਨੀਆਂ ਹਵਾਲੇ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਲਈ ਫ਼ਸਲਾਂ ਨੂੰ ਮੰਡੀਆਂ ਵਿੱਚ ਰੋਲਣ ਅਤੇ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸਾਂਝਾ ਸੰਘਰਸ਼ ਲੜਨ ’ਤੇ ਜ਼ੋਰ ਦਿੱਤਾ।
ਕਿਸਾਨ ਆਗੂ ਜਗਮੀਤ ਸਿੰਘ ਕਲਾਹੜ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ ਹੈ। ਇਸ ਲਈ ਸਾਂਝੇ ਤੌਰ ’ਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇ। ਇਸ ਮੌਕੇ ਬਲਵੰਤ ਸਿੰਘ ਘੁਡਾਣੀ, ਮਨਜੀਤ ਸਿੰਘ ਬੁਢੇਲ, ਯੁਵਰਾਜ ਸਿੰਘ ਘੁਡਾਣੀ, ਜਸਦੀਪ ਸਿੰਘ ਜੱਸੋਵਾਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ ਆਤੇ ਬਿਕਰਮਜੀਤ ਸਿੰਘ ਕਾਲਖ ਨੇ ਵੀ ਸੰਬੋਧਨ ਕੀਤਾ।

