DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਕਿਸਾਨਾਂ ਨੇ ਡੀ ਸੀ ਦਫ਼ਤਰ ਦੇ ਸਾਰੇ ਗੇਟ ਬੰਦ ਕੀਤੇ

ਪੁਲੀਸ ਵੱਲੋਂ ਸਖ਼ਤੀ ਵਰਤਣ‌’ਤੇ ਸਥਿਤੀ ਤਣਾਅਪੂਰਨ ਬਣੀ; ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਡੀ ਸੀ ਦਫ਼ਤਰ ਅੱਗੇ ਰੋਸ ਮਾਰਚ ਕਰਦੇ ਹੋਏ ਕਿਸਾਨ। -ਫੋਟੋ: ਅਸ਼ਵਨੀ ਧੀਮਾਨ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਕੇ ਘਿਰਾਓ ਕੀਤਾ। ਕਿਸਾਨਾਂ ਵੱਲੋਂ ਪਹਿਲਾਂ ਮੰਗਾਂ ਦੇ ਹੱਕ ਵਿੱਚ 16 ਦਿਨ ਲਗਾਤਾਰ ਡੀ ਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਸਨ ਪਰ ਕਿਸੇ ਵੱਲੋਂ ਵੀ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲਬਾਤ ਨਹੀਂ ਸੀ ਕੀਤੀ ਗਈ। ਅੱਜ ਕਿਸਾਨਾਂ ਨੇ ਡੀ ਸੀ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ ਅਤੇ ਦਫ਼ਤਰ ਅੰਦਰ ਹਰ ਇੱਕ ਦਾ ਦਾਖ਼ਲਾ ਰੋਕ ਦਿੱਤਾ। ਇਸ ਮੌਕੇ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਕਿਸਾਨਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਥੋੜੀ ਜਿਹੀ ਧੱਕਾਮੁੱਕੀ ਤੋਂ ਬਾਅਦ ਕਿਸਾਨ ਗੇਟ ਅੱਗੇ ਹੀ ਧਰਨਾ ਦੇ ਕੇ ਬੈਠ ਗਏ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ, ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਮਨੋਹਰ ਸਿੰਘ ਕਲਾਹੜ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਅਸਲ ਵਿੱਚ ਸਰਕਾਰ ਮੰਗਾਂ ਬਾਰੇ ਟਾਲਾ ਵੱਟ ਕੇ ਡੰਗ ਟਪਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਰਤ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਆਬਾਦਕਾਰਾਂ ਨੂੰ ਜ਼ਮੀਨੀ ਮਾਲਕੀ ਦੇ ਹੱਕ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ ਅਤੇ ਕਿਸਾਨਾਂ ਤੇ’ ਪਾਏ ਕੇਸ ਵਾਪਸ ਲਏ ਜਾਣ। ਉਨ੍ਹਾਂ ਪਰਾਲੀ ਦੇ ਕੇਸ ਰੱਦ ਕਰਨ, ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਦੇ ਸਿਫਾਰਸ਼ ਨਾਲ ਦੇਣ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਕਣਕ ਦੀ ਬਿਜਾਈ ਲਈ ਡੀ ਏ ਪੀ ਖਾਦ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ ਅਤੇ ਬਲਾਕਾਂ ਦੇ ਪ੍ਰਧਾਨ, ਸਕੱਤਰ ਅਤੇ ਮਜ਼ਦੂਰ ਆਗੂ ਹਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

ਐੱਮ ਐੱਸ ਪੀ ਵਿੱਚ ਨਿਗੂਣੇ ਵਾਧੇ ਦਾ ਵਿਰੋਧ

ਖੰਨਾ (ਜੋਗਿੰਦਰ ਸਿੰਘ ਓਬਰਾਏ): ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ 2027-28 ਦੇ ਮੰਡੀਕਰਨ ਸੀਜ਼ਨ ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਘੱਟੋਂ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਨੂੰ ਸਖ਼ਤੀ ਨਾਲ ਰੱਦ ਕਰਦਿਆਂ ਕਿਹਾ ਕਿ ਇਹ ਨਿਗੂਣਾ ਵਾਧਾ ਕਿਸਾਨਾਂ ਦੀਆਂ ਅਸਲ ਲਾਗਤਾਂ ਅਤੇ ਆਰਥਿਕ ਮੁਸ਼ਕਲਾਂ ਨਾਲ ਕਿਸੇ ਵੀ ਤਰ੍ਹਾਂ ਇਨਸਾਫ਼ ਨਹੀਂ ਕਰਦਾ। ਖ਼ਾਸ ਕਰ ਕੇ ਕਣਕ ਦੇ ਐੱਮ ਐੱਸ ਪੀ ਵਿੱਚ ਸਿਰਫ਼ 25 ਪ੍ਰਤੀ ਕੁਇੰਟਲ ਦਾ ਵਾਧਾ ਦੇਸ਼ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਹੈ। ਸਭਾ ਦੇ ਜਨਰਲ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਦਾਅਵਾ ਕਿ ਨਵੇਂ ਐੱਮ ਐੱਸ ਪੀ ਕਿਸਾਨਾਂ ਨੂੰ ਉਤਪਾਦਨ ਲਾਗਤ ਤੋਂ 106 ਫ਼ੀਸਦੀ ਵੱਧ ਰਿਟਰਨ ਦੇ ਰਹੇ ਹਨ, ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਐਲਾਨੇ ਐੱਮ ਐੱਸ ਪੀ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰੱਖਿਆ ਜਾਵੇ ਸਗੋਂ ਸਰਕਾਰੀ ਖਰੀਦ ਦੀ ਕਾਨੂੰਨੀ ਅਤੇ ਪ੍ਰਭਾਵਸ਼ਾਲੀ ਗਾਰੰਟੀ ਦਿੱਤੀ ਜਾਵੇ।

Advertisement
Advertisement
×