ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ ਸੀ ਦਫ਼ਤਰ ਦਾ ਕੀਤਾ ਜਾ ਰਿਹਾ ਘਿਰਾਓ ਅੱਜ ਦੂਜੇ ਦਿਨ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਸਰਕਾਰ ਵੱਲੋਂ ਕਿਸਾਨ ਯੂਨੀਅਨ ਨੂੰ ਮੰਗਾਂ ਬਾਰੇ ਗੱਲਬਾਤ ਕਰਨ ਲਈ 13 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਲਈ ਸੱਦਿਆ ਗਿਆ ਹੈ। ਅੱਜ ਸਵੇਰੇ ਕਿਸਾਨਾਂ ਨੇ ਡੀ ਸੀ ਦਫ਼ਤਰ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੀਤੀ ਦੇਰ ਸ਼ਾਮ ਕਿਸਾਨ ਯੂਨੀਅਨ ਦੀਆਂ ਔਰਤਾਂ ਨੇ ਡੀ ਸੀ ਦੀ ਰਿਹਾਇਸ਼ ਬਾਹਰ ਮੁਜ਼ਾਹਰਾ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਬੀਬੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀਆਂ ਮੰਗਾਂ ਬਾਰੇ ਕੋਈ ਹੱਲ ਨਾ ਕੱਢਿਆ ਗਿਆ ਤਾਂ ਕਿਸਾਨ ਔਰਤਾਂ ਵੀ ਪੱਕੇ ਘਿਰਾਓ ਵਿੱਚ ਸ਼ਾਮਲ ਹੋਣਗੀਆਂ।
ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ 13 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ 12.30 ਵਜੇ ਮੀਟਿੰਗ ਲਈ ਬੁਲਾਇਆ ਹੈ। ਆਗੂਆਂ ਨੇ ਕਿਹਾ ਕਿ ਇਸ ਲਈ ਇਹ ਘਿਰਾਓ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਜਗਮੀਤ ਸਿੰਘ ਕਲਾੜ, ਬਲਵੰਤ ਸਿੰਘ ਘੁਡਾਣੀ, ਜਸਬੀਰ ਸਿੰਘ ਖਟੜਾ, ਨਾਜ਼ਰ ਸਿੰਘ ਸਿਆੜ, ਹਾਕਮ ਸਿੰਘ, ਜਸਵੰਤ ਸਿੰਘ ਭੱਟੀਆਂ ਅਤੇ ਮਨਜੀਤ ਸਿੰਘ ਬੁਢੇਲ ਨੇ ਵੀ ਸੰਬੋਧਨ ਕੀਤਾl

