ਸੰਤੋਖ ਗਿੱਲ
ਗੁਰੂਸਰ ਸੁਧਾਰ, 24 ਜੂਨ
ਵਿਵਾਦਿਤ ਖੇਤੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਲਈ ਜਰਨੈਲ ਕੌਰ, ਅਮਨਦੀਪ ਕੌਰ ਅਤੇ ਮਹਿੰਦਰ ਕੌਰ ਦੀ ਅਗਵਾਈ ਹੇਠ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਵਿਵਾਦਿਤ ਖੇਤੀ ਕਾਨੂੰਨ ਖੇਤੀ ਧੰਦੇ ਨੂੰ ਤਬਾਹ ਕਰ ਦੇਣਗੇ। ਇਹ ਕਾਨੂੰਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਹੇ ਨੌਜਵਾਨਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਹੋਰ ਵਸੀਲੇ ਤਾਂ ਕੀ ਪੈਦਾ ਕਰਨੇ ਸੀ, ਉਲਟਾ ਕਾਰਪੋਰੇਟਾਂ ਦਾ ਘਰ ਭਰਨ ਲਈ ਸਾਰੇ ਕਾਰੋਬਾਰ ਵੀ ਠੱਪ ਕਰ ਦਿੱਤੇ ਹਨ। ਕਿਸਾਨ ਆਗੂ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜੂਨ ਨੂੰ ਦੇਸ਼ ਭਰ ਦੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ। ਹੋਰਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਕੁਲਜੀਤ ਕੌਰ ਜੜਤੌਲੀ, ਕਿਸਾਨ ਆਗੂ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋਂ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਝੋਨੇ ਦੀ ਬਿਜਾਈ ਮੌਕੇ ਨਾਕਸ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ।