ਸੰਤੋਖ ਗਿੱਲ
ਗੁਰੂਸਰ ਸੁਧਾਰ, 21 ਜੁਲਾਈ
ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਮਨਜੀਤ ਕੌਰ, ਸੁਖਵਿੰਦਰ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ। ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਠਧਰਮੀ ਛੱਡ ਕੇ ਹੁਣ ਬਿਨਾਂ ਦੇਰੀ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰੇ। ਇਸ ਦੌਰਾਨ ਉਨ੍ਹਾਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਕੀਤੀ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਰਜਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਜੜਤੌਲੀ, ਬਲਦੇਵ ਸਿੰਘ ਧੂਰਕੋਟ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਮਨਜੀਤ ਸਿੰਘ ਗੁੱਜਰਵਾਲ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 22 ਜੁਲਾਈ ਤੋਂ ਦਿੱਲੀ ਦੀਆਂ ਹੱਦਾਂ ਤੋਂ 200 ਕਿਸਾਨ ਨੁਮਾਇੰਦਿਆਂ ਦੇ ਜਥੇ ਸੰਸਦ ਵੱਲ ਮਾਰਚ ਕਰਨਗੇ ਅਤੇ ਮੌਨਸੂਨ ਸੈਸ਼ਨ ਦੌਰਾਨ ਕਿਸਾਨ ਸੰਸਦ ਚਲਾਈ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੁਨੀਆਂ ਭਰ ਵਿਚ ਨਮੋਸ਼ੀ ਤੋਂ ਬਚਣ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕ ਭਾਜਪਾ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਦੇਣਗੇ।
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਇਥੇ 294ਵੇਂ ਦਿਨ ’ਚ ਦਾਖਲ ਹੋਏ ਕਿਸਾਨ ਸੰਘਰਸ਼ ਮੋਰਚੇ ’ਚ ਸਭ ਤੋਂ ਪਹਿਲਾਂ ਅੱਜ ਦੇ ਦਿਨ 1965 ’ਚ ਵਿਛੋੜਾ ਦੇ ਗਏ ਯੋਧੇ ਸਾਥੀ ਬਟੁਕੇਸ਼ਵਰ ਦੱਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਮ ਸਿੰਘ ਹਠੂਰ, ਭਰਪੂਰ ਸਿੰਘ ਗੁਜਰਵਾਲ, ਕਰਤਾਰ ਸਿੰਘ ਵੀਰਾਨ, ਪਰਵਾਰ ਸਿੰਘ ਡੱਲਾ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਨੇ ਗੀਤ ਕਵੀਸ਼ਰੀਆਂ ਪੇਸ਼ ਕੀਤੀਆਂ। ਬੀਕੇਯੂ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਸੱਤਾ ਦੀ ਲਾਲਸਾ ਸਾਹਮਣੇ ਅਸੂਲਾਂ ਅਤੇ ਸਿਧਾਂਤਾਂ ਨੂੰ ਅੱਜ ਸ਼ਰੇਆਮ ਪੈਰਾਂ ਹੇਠ ਰੌਲਿਆ ਜਾ ਰਿਹਾ ਹੈ। ਭਾਰਤੀ ਸਿਆਸਤ ਮੌਕਾਪ੍ਰਸਤੀ ਦੀਆਂ ਸਿਖਰਾਂ ਛੋਹ ਰਹੀ ਹੈ। ਡੀਟੀਐੱਫ ਆਗੂ ਕੁਲਦੀਪ ਸਿੰਘ ਗੁਰੂਸਰ ਨੇ ਕੇਂਦਰੀ ਸਿਹਤ ਰਾਜ ਮੰਤਰੀ ਦੇ ਕਰੋਨਾ ਕਾਲ ’ਚ ਆਕਸੀਜਨ ਦੀ ਘਾਟ ਕਾਰਨ ਇਕ ਵੀ ਮੌਤ ਨਾ ਹੋਣ ਦੇ ਬਿਆਨ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ। ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਇਕ ਵਾਰ ਫਿਰ ਦਿੱਲੀ ਕਿਸਾਨ ਸੰਘਰਸ਼ ਨਵੇਂ ਮੀਲ ਪੱਥਰ ਸਥਾਪਤ ਕਰੇਗਾ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ, ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਸਿੰਘ ਅਮਰਗੜ੍ਹ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਮੋਦੀ ਸਰਕਾਰ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ।