ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 3 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਚੱਲ ਰਿਹਾ ਮੋਰਚਾ 39ਵੇਂ ਦਿਨ ਵੀ ਜਾਰੀ ਰਿਹਾ, ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ਮੂਲੀਅਤ ਕੀਤੀ। ਸੰਘਰਸ਼ਸ਼ੀਲ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਜਬਰੀ ਜ਼ਮੀਨਾਂ ਖੋਹਣ ਵਿਰੁੱਧ ਮੰਗ ਪੱਤਰ ਦਿੱਤੇ ਜਾਣਗੇ ਅਤੇ ਤਿੱਖਾ ਰੋਸ ਵੀ ਪ੍ਰਗਟ ਕੀਤਾ ਜਾਵੇਗਾ। ਸਭ ਤੋਂ ਪਹਿਲਾਂ 5 ਅਗਸਤ ਨੂੰ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਵੱਡੀ ਗਿਣਤੀ ਕਿਸਾਨ-ਮਜ਼ਦੂਰ ਮੰਗ ਪੱਤਰ ਦੇਣਗੇ। ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਅਵਤਾਰ ਸਿੰਘ ਝੂੰਗੀਆਂ, ਰਾਜਿੰਦਰ ਸਿੰਘ ਸਿਆੜ, ਪਰਮਜੀਤ ਸਿੰਘ ਕੋਟ ਆਗਾ ਅਤੇ ਕੁਲਦੀਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਵਿਧਾਇਕਾਂ ਨੂੰ ਮੰਗ-ਪੱਤਰ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਅੱਜ ਦੇ ਰੋਸ ਧਰਨੇ ਵਿਚ ਬੱਲੋਵਾਲ, ਕੋਟ ਆਗਾ, ਕਾਲਖ, ਜੁੜਾਹਾਂ ਅਤੇ ਗੁੱਜਰਵਾਲ ਦੀਆਂ ਕਿਸਾਨ ਭੈਣਾਂ ਨੇ ਬੱਚਿਆਂ ਸਮੇਤ ਸ਼ਮੂਲੀਅਤ ਕੀਤੀ।