ਸਮਰਾਲਾ (ਡੀਪੀਐੱਸ ਬਤਰਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਕਿਸਾਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ਵਾਸਘਾਤ ਖਿਲਾਫ਼ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਸਥਾਨਕ ਐੱਸ.ਡੀ.ਐੱਮ. ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕੇਂਦਰ ਸਰਕਾਰ ਨੂੰ ਮੁੜ ਤੋਂ ਵੱਡਾ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। ਕਿਸਾਨ ਆਪਣੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ ਸਮੇਤ ਕਿਸਾਨਾਂ ’ਤੇ ਦਰਜ ਹੋਏ ਮਾਮਲੇ ਰੱਦ ਕਰਨ ਅਤੇ ਕਈ ਹੋਰ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਬੀ.ਕੇ.ਯੂ. (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਬਦਲਣ ਲਈ ਤਿਆਰ ਨਹੀਂ। ਇਸ ਤੋਂ ਪਹਿਲਾ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨਾਂ ਨੇ ਟਰੈਕਟਰ ਮਾਰਚ ਰਾਹੀ ਐੱਸ.ਡੀ.ਐੱਮ. ਦਫ਼ਤਰ ਪੁੱਜ ਕੇ ਰਾਸ਼ਟਰਪਤੀ ਦੇ ਨਾਂ ਆਪਣਾ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪਿਆ।