ਗਗਨਦੀਪ ਅਰੋੜਾ
ਲੁਧਿਆਣਾ, 18 ਦਸੰਬਰ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਵਿੱਚ ਸਾਥ ਦੇਣ ਵਾਲੇ ਮੁਸਲਮਾਨ ਭਾਈਚਾਰੇ ਦਾ ਧੰਨਵਾਦ ਕਰਨ ਦੇ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਲੁਧਿਆਣਾ ਦੀ ਜਾਮਾ ਮਸਜਿਦ ਵਿੱਚ ਪੁੱਜੇ, ਜਿੱਥੇ ਮੁਸਲਮਾਨ ਭਾਈਚਾਰੇ ਨੇ ਫੁੱਲਾਂ ਦੀ ਵਰਖਾ ਕਰਕੇ ਰਾਜੇਵਾਲ ਦਾ ਸਵਾਗਤ ਕੀਤਾ। ਇਸ ਦੌਰਾਨ ਮੁਸਲਮਾਨ ਭਾਈਚਾਰੇ ਦਾ ਕਿਸਾਨੀ ਅੰਦੋਲਨ ਵਿੱਚ ਸਹਿਯੋਗ ਕਰਨ ਲਈ ਖਾਸ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨੇ ਕਿਹਾ ਕਿ ਕਿਸਾਨ ਅੰਦੋਲਨ ’ਚ ਪਹਿਲੇ ਦਿਨ ਤੋਂ ਹੀ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਨੇ ਕਾਲੇ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਚੁੱਕੀ ਅਤੇ ਪੰਜਾਬ ਦੇ ਸਾਰੇ ਮੁਸਲਮਾਨ ਇਸ ਅੰਦੋਲਨ ’ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨਾਂ ਦੀ ਵਾਪਸੀ ਸਾਰੇ ਧਰਮਾਂ ਦੀ ਏਕਤਾ ਦੀ ਜਿੱਤ ਹੈ ਤੇ ਇਸਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ’ਚ ਜੋ ਵੀ ਲੋਕ ਧਰਮ ਦੇ ਨਾਮ ’ਤੇ ਸਮਾਜ ਨੂੰ ਵੰਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਅੱਜ ਬਲਵੀਰ ਸਿੰਘ ਰਾਜੇਵਾਲ ਦਾ ਸਨਮਾਨ ਇਸ ਲਈ ਵੀ ਕਰ ਰਹੇ ਹਾਂ ਕਿ ਪੰਜਾਬ ਦੇ ਇਸ ਸਪੂਤ ਨੇ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਮੋਰਚੇ ’ਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੌਰਾਨ ਮੁਸਲਮਾਨ ਭਾਈਚਾਰੇ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵਿਧਾਨ ਸਭਾ ਚੋਣਾਂ ਲੜਨ ਪੂਰੇ ਪੰਜਾਬ ਦੇ ਮੁਸਲਮਾਨ ਕਿਸਾਨਾਂ ਦਾ ਸਮਰਥਣ ਕਰਨਗੇ।
ਮਸਜਿਦ ਵਿੱਚ ਲੱਗੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ
ਲੁਧਿਆਣਾ ਜਾਮਾ ਮਸਜਿਦ ਵਿੱਚ ਜਿਵੇਂ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਪੁੱਜੇ ਤਾਂ ਮਸਜਿਦ ਵਿੱਚ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲੱਗੇ। ਰਾਜੇਵਾਲ ਮਸਜਿਦ ਵਿੱਚ ਪਹੁੰਚਦੇ ਹੀ ਸਭ ਤੋਂ ਪਹਿਲਾਂ ਮਰਹੂਮ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਕਬਰ ’ਤੇ ਪੁੱਜੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਰਹੂਮ ਸ਼ਾਹੀ ਇਮਾਮ ਨੇ ਕੇਂਦਰ ਸਰਕਾਰ ਦੇ ਜਬਰ ਦੀ ਪਰਵਾਹ ਨਾ ਕਰਦੇ ਹੋਏ ਕਿਸਾਨ ਅੰਦੋਲਨ ਦਾ ਸਾਥ ਦਿੱਤਾ ਸੀ। ਉਨ੍ਹਾਂ ਦਾ ਅਚਨਚੇਤ ਦੇਹਾਂਤ ਸਿਰਫ ਪੰਜਾਬ ਦੇ ਮੁਸਲਮਾਨਾਂ ਲਈ ਹੀ ਨਹੀਂ ਸਾਡੇ ਸਭ ਲਈ ਦੁੱਖ ਦੀ ਗੱਲ ਹੈ। ਰਾਜੇਵਾਲ ਨੇ ਕਿਹਾ ਕਿ ਅੱਜ ਇੱਥੇ ਜਾਮਾ ਮਸਜਿਦ ’ਚ ਆ ਕੇ ਮਹਿਸੂਸ ਹੋ ਰਿਹਾ ਹੈ ਕਿ ਸ਼ਾਹੀ ਇਮਾਮ ਜੀ ਦੇ ਪਰਿਵਾਰ ਦੇ ਨਾਲ ਸਾਰਿਆਂ ਦਾ ਪਿਆਰ ਅਤੇ ਸਾਥ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਹੋਇਆ ਹੈ।