ਕਿਸਾਨ ਯੂਨੀਅਨ (ਕਾਦੀਆਂ) ਵੱਲੋਂ 20 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਰੱਦ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੌਰਾਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਐਲਾਨੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਘੱਟੋ ਘੱਟ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਮ੍ਰਿਤਕ ਲਈ ਦਸ ਲੱਖ ਦੀ ਗਰਾਂਟ ਦੇਣ ਦੀ ਮੰਗ ਕੀਤੀ ਹੈ।
ਅੱਜ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਅਰਬਨ ਅਸਟੇਟ ਭਾਈ ਰਣਧੀਰ ਸਿੰਘ ਨਗਰ ਵਿੱਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਫ਼ੈਸਲਿਆਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਉੱਚਿਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਮ੍ਰਿਤਕਾਂ ਲਈ ਐਲਾਨੇ 4 ਲੱਖ ਰੁਪਏ ਪ੍ਰਤੀ ਮੈਂਬਰ ਦੇ ਮੁਆਵਜ਼ੇ ਨੂੰ ਵੀ ਰੱਦ ਕਰਦਿਆਂ ਪ੍ਰਤੀ ਮੈਂਬਰ 10 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਪਹਿਲਾਂ ਹੀ 10 ਲੱਖ ਰੁਪਏ ਦਾ ਮੁਫ਼ਤ ਇਲਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਦੀ ਨਿੰਦਾ ਕਰਦਿਆਂ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਗੰਨੇ ਦਾ ਬਕਾਇਆ ਅਤੇ ਰਹਿੰਦੀ ਸਾਰੀ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨ ਆਪਣੀਆਂ ਲੋੜਾਂ ਪੂਰੀਆ ਕਰ ਸਕਣ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਠੀਕ
ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਅਗਲੀ ਫ਼ਸਲ ਲਈ ਬਿਜਾਈ ਵਾਸਤੇ ਜ਼ਮੀਨ ਤਿਆਰ ਕਰਨ ਅਤੇ ਬਜਾਈ ਆਦਿ ਵਿੱਚ ਹਰ ਤਰ੍ਹਾਂ ਦੀ ਮਦਦ ਕਰੇਗੀ ਜਿਸ ਲਈ ਜ਼ਿਲ੍ਹਾ ਪੱਧਰ ’ਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਕਰਜ਼ੇ ਮੁਲਤਵੀ ਕਰਨ ਦੀ ਥਾਂ ਫੌਰੀ ਪ੍ਰਭਾਵ ਨਾਲ ਮੁਆਫ਼ ਕਰਨ ਦੀ ਮੰਗ ਵੀ ਕੀਤੀ।