ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਘੇਰਿਆ
ਪੱਕਾ ਮੋਰਚਾ ਮੁਲਤਵੀ; 24 ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਘੇਰਨ ਦਾ ਅੈਲਾਨ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਧਰਨੇ ਦੇ ਸੋਲ੍ਹਵੇਂ ਦਿਨ ਪੱਕਾ ਮੋਰਚਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਵੱਖ ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਦਫ਼ਤਰ ਦੇ ਸਾਰੇ ਮੁੱਖ ਗੇਟਾਂ ਦੀ ਨਾਕਾਬੰਦੀ ਕੀਤੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਧਰਨੇ ’ਤੇ ਬੈਠੇ ਕਿਸਾਨਾਂ ਪ੍ਰਤੀ ਧਾਰਨ ਕੀਤੇ ਅਣਦੇਖੀ ਵਾਲੇ ਵਤੀਰੇ ਦੀ ਨਿੰਦਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਕਾ ਮੋਰਚਾ ਮੁਲਤਵੀ ਕਰਨ ਦਾ ਫ਼ੈਸਲਾ ਕਰਦਿਆਂ 24 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ।
ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਬਾਰੇ ਜਾਣ-ਬੁੱਝ ਕੇ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਵਾਅਦਾ ਕਰ ਕੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਕੀੜੇ ਮਕੌੜੇ ਜਾਂ ਦਿਮਾਗੀ ਨਕਸਲੀ ਕਹਿ ਕੇ ਭੰਡਿਆ ਜਾ ਰਿਹਾ ਹੈ ਅਤੇ ਹਰ ਤਬਕੇ ’ਤੇ ਜਬਰ ਜ਼ੁਲਮ ਦਾ ਕੁਹਾੜਾ ਚਲਾਇਆ ਜਾ ਰਿਹਾ ਹੈ। ਅੱਜ ਘਿਰਾਓ ਦੌਰਾਨ ਡੀ ਸੀ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇਣ ’ਤੇ ਟੀਮ ਨੇ ਡੀ ਸੀ ਨਾਲ ਮੁਲਾਕਾਤ ਕਰ ਕੇ ਦੱਸਿਆ ਕਿ ਕਿਸਾਨਾਂ ਦੀਆਂ 13 ਮੰਗਾਂ ਬਾਰੇ 16 ਦਿਨਾਂ ਤੋਂ ਉਹ ਧਰਨੇ ’ਤੇ ਬੈਠੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਐਲਾਨ ਕੀਤਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ 24 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਘਿਰਾਓ ਤੋਂ ਬਾਅਦ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚਲੇਗਾ, ਉਸ ਦਿਨ ਪੰਜਾਬ ਭਰ ਵਿੱਚੋਂ ਕਿਸਾਨ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰਨਗੇ। ਘਿਰਾਓ ਦੌਰਾਨ ਚਰਨਜੀਤ ਸਿੰਘ ਫੱਲੇਵਾਲ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾੜ, ਮਨੋਹਰ ਸਿੰਘ ਕਲਾਹੜ, ਨਾਜਰ ਸਿੰਘ ਸਿਆੜ, ਜਸਵੀਰ ਸਿੰਘ ਅਸ਼ਕਰੀਪੁਰ, ਦਵਿੰਦਰ ਸਿੰਘ ਸਿਰਥਲਾ, ਮਨਜੀਤ ਸਿੰਘ ਬੁਢੇਲ, ਜਸਵੰਤ ਸਿੰਘ ਭੱਟੀਆਂ, ਜਸਦੀਪ ਸਿੰਘ ਜੱਸੋਵਾਲ, ਮੋਲਡਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਮਨਜੀਤ ਕੌਰ ਅਤੇ ਬਿਕਰਮਜੀਤ ਸਿੰਘ ਕਾਲਖ ਨੇ ਵੀ ਸੰਬੋਧਨ ਕੀਤਾ।

