ਸਤਵਿੰਦਰ ਬਸਰਾ
ਲੁਧਿਆਣਾ, 28 ਜਨਵਰੀ
ਰਿਲਾਇੰਸ ਪੈਟਰੋਲ ਪੰਪ ਅੱਗੇ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੈਂਪ ਆਗੂ ਗੁਰਪਾਲ ਸਿੰਘ ਗਰੇਵਾਲ ਸਰਾਭਾ ਅਤੇ ਡਾ. ਐੱਨ ਐੱਸ ਸੋਢੀ ਨੇ ਦੱਸਿਆ ਕਿ ਇਹ ਧਰਨਾ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ। ਡਾ. ਸੋਢੀ ਨੇ ਦੱਸਿਆ ਕਿ ਸਰਕਾਰ ਹਰ ਹੀਲੇ ਵਰਤ ਕੇ ਘੋਲ ਨੂੰ ਖਤਮ ਕਰਾਉਣਾ ਚਾਹੁੰਦੀ ਹੈ ਜਦਕਿ ਦੁਨੀਆਂ ਭਰ ਦੇ ਲੋਕ ਸੱਚਾਈ ਜਾਣ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਾਲੇ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦੇ ਵੀ ਭਲੇ ਵਿੱਚ ਵੀ ਨਹੀਂ। ਇਸ ਮੌਕੇ ਕਾਮਰੇਡ ਅਵਤਾਰ ਸਿੰਘ ਵਿਰਕ, ਸੰਤੋਖ ਸਿੰਘ, ਰਣਜੀਤ ਸਿੰਘ ਮੈਂਬਰ ਪੰਚਾਇਤ, ਸਮਾਜ ਸੇਵੀ ਜਸਪਾਲ ਸਿੰਘ ਸੈਣੀ ਅਤੇ ਹਰਦੇਵ ਸਿੰਘ ਨੇ ਵੀ ਅਪਣੇ ਵਿਚਾਰ ਸਾਂਝੇ ਕੀਤੇ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜਮਹੂਰੀ ਕਿਸਾਨ ਸਭਾ ਅਤੇ ਹੋਰ ਜਥੇਬੰਦੀਆਂ ਵੱਲੋਂ ਬੀਬੀ ਹਰਜੀਤ ਕੌਰ, ਮਨਜੀਤ ਕੌਰ ਅਤੇ ਅਮਨਦੀਪ ਕੌਰ ਦੀ ਅਗਵਾਈ ਹੇਠ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਧਰਨਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰੋਫੈਸਰ ਜੈਪਾਲ ਸਿੰਘ, ਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਦੇਸ਼ ਦੀ ਉਪਜਾਊ ਜ਼ਮੀਨ ਅਤੇ ਪੂੰਜੀ ਹਥਿਆਉਣਾ ਚਾਹੁੰਦੇ ਹਨ। ਆਗੂਆਂ ਨੇ 1 ਫ਼ਰਵਰੀ ਨੂੰ ਪੇਸ਼ ਹੋਣ ਵਾਲੇ ਕਾਰਪੋਰੇਟ ਪੱਖੀ ਬਜਟ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿਸਾਨੀ ਘੋਲ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਟਰੇਡ ਯੂਨੀਅਨ ਆਗੂ ਜਗਦੀਸ਼ ਚੰਦ, ਕਿਸਾਨ ਆਗੂ ਜਗਤਾਰ ਸਿੰਘ ਚਕੋਹੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਬੀਕੇਯੂ ਡਕੌਂਦਾ ਵੱਲੋਂ ਅਫ਼ਵਾਹਾਂ ਤੋਂ ਬਚਣ ਦਾ ਸੱਦਾ
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਪਿੰਡ ਚੱਕ ਭਾਈਕਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਇਕਾਈ ਪ੍ਰਧਾਨ ਸਾਧੂ ਸਿੰਘ ਰਾਏ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਸਾਧੂ ਸਿੰਘ ਰਾਏ ਅਤੇ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਬਖ਼ਸ਼ੀਸ ਸਿੰਘ ਰਾਏ ਨੇ ਦੋਸ਼ ਲਾਇਆ ਕਿ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੇ ਸੰਘਰਸ਼ ਨੂੰ ਖੇਰੂੰ ਖੇਰੂੰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਤਾਂ ਜੋ ਕਿਸਾਨ ਸੰਘਰਸ਼ ਨੂੰ ਬਦਨਾਮ ਕਰ ਕੇ ਖ਼ਤਮ ਕਰਵਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਲਈ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਸੰਘਰਸ਼ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦਾ ਬਾਈਕਾਟ ਕੀਤਾ ਜਾ ਚੁੱਕਿਆ ਹੈ। ਪ੍ਰਧਾਨ ਹਰਬਖ਼ਸ਼ੀਸ਼ ਸਿੰਘ ਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਸੰਯੁਕਤ ਮੋਰਚੇ ਦਾ ਡਟ ਸਾਥ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ 29 ਜਨਵਰੀ ਨੂੰ ਪਿੰਡਾਂ ਵਿੱਚ ਅਫ਼ਵਾਹਾਂ ਤੋਂ ਬਚਣ ਲਈ ਸੁਚੇਤ ਕਰਨ ਵਾਸਤੇ ਇੱਕ ਮਾਰਚ ਕੱਢਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਕਿਸਾਨੀ ਘੋਲ ਮਜ਼ਬੂਤ ਕਰਨ ਦਾ ਸੁਨੇਹਾ
ਸਮਰਾਲਾ (ਡੀ ਪੀ ਐੱਸ ਬੱਤਰਾ): ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਘੋਲ ਨੂੰ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਢਾਅ ਲਾਉਣ ਦੀ ਕੀਤੀ ਗਈ ਕੋਸ਼ਿਸ਼ ਦੀ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਨਿਖੇਧੀ ਕੀਤੀ ਹੈ। ਇਨ੍ਹਾਂ ਵਿੱਚ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸ਼ਰਮਾ, ਸਮਾਜਸੇਵੀ ਅਤੇ ਲੇਖਕ ਦੀਪ ਦਿਲਬਰ, ਅਕਸ ਰੰਗਮੰਚ ਸਮਰਾਲਾ ਦੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ, ਟੈਕਨੀਕਲ ਸਰਵਿਸ ਯੂਨੀਅਨ ਸਮਰਾਲਾ ਦੇ ਆਗੂ ਸੰਗਤ ਸਿੰਘ ਸੇਖੋਂ ਅਤੇ ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨੀਰਜ ਸਿਹਾਲਾ ਸ਼ਾਮਲ ਹਨ। ਆਗੂਆਂ ਨੇ ਸੋਸ਼ਲ ਮੀਡੀਆ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਵਧੀਆ ਰੋਲ ਨਿਭਾ ਰਿਹਾ ਹੈ। ਇਸ ਮੌਕੇ ਸੰਜੀਵ ਭਾਰਦਵਾਜ, ਅਜੈ ਕੁਮਾਰ, ਗਗਨਦੀਪ ਬਾਲਿਓਂ, ਸੁਹੇਲ ਖਾਨ ਅਤੇ ਹਨੀ ਸ਼ਰਮਾ ਹਾਜ਼ਰ ਸਨ।
ਟਰੈਕਟਰ ਪਰੇਡ ਨੂੰ ਹਿੰਸਕ ਬਣਾਉਣ ਵਾਲਿਆਂ ਦੀ ਨਿਖੇਧੀ
ਲੁਧਿਆਣਾ (ਖੇਤਰੀ ਪ੍ਰਤੀਨਿਧ): ਜ਼ਿਲ੍ਹੇ ਦੀਆਂ ਜਨਤਕ ਜਮਹੂਰੀ, ਇਨਕਲਾਬੀ ਤੇ ਤਰਕਸ਼ੀਲ ਜਥੇਬੰਦੀਆਂ ਨੇ ਦਿੱਲੀ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਵਿੱਚ ਖਲਲ ਪਾਉਣ ਵਾਲੇ ਅਨਸਰਾਂ ਦੀ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਮਹਾਂ ਸਭਾ ਲੁਧਿਆਣਾ ਤੇ ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂਆਂ ਨੇ ਕਿਹਾ ਕਿ ਟਰੈਕਟਰ ਪਰੇਡ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੁਲੀਸ ਨਾਲ ਤੈਅ ਕੀਤੇ ਰਸਤੇ ਤੋਂ ਵੱਖਰੇ ਰਸਤੇ ਜਾਣ ਵਾਲੇ ਅਨਸਰਾਂ ਨਾਲ ਪੁਲੀਸ ਦੀ ਕਥਿਤ ਮਿਲੀਭੁਗਤ ਜ਼ਾਹਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਵਰਗੇ ਮੌਕਾਪ੍ਰਸਤਾਂ ਦੀ ਕੇਂਦਰ ਸਰਕਾਰ ਨਾਲ ਗੰਢ ਤੁੱਪ ਵੀ ਤਸਵੀਰਾਂ ਰਾਹੀਂ ਸਾਫ਼ ਹੁੰਦੀ ਹੈ। ਆਗੂਆਂ ਜਸਵੰਤ ਜੀਰਖ, ਸਤੀਸ਼ ਸੱਚਦੇਵਾ, ਬਲਵਿੰਦਰ ਸਿੰਘ, ਕਰਨਲ ਜੇ ਐੱਸ ਬਰਾੜ ਤੇ ਹਰਸਾ ਸਿੰਘ ਨੇ 30 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਨੂੰ ਭੁੱਖ ਹੜਤਾਲ ਕਰਨ ਦੇ ਸੱਦੇ ’ਤੇ ਭੁੱਖ ਹੜਤਾਲ ਕਰਨ ਦਾ ਵੀ ਐਲਾਨ ਕੀਤਾ। ਆਗੂਆਂ ਨੇ ਭੁੱਖ ਹੜਤਾਲ ਵਿੱਚ ਸ਼ਾਮਲ ਹੋਣ ਵਾਲੇ ਕਾਰਕੁਨਾਂ ਨੂੰ ਸਵੇਰੇ 9.30 ਵਜੇ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਪਹੁੰਚਣ ਦੀ ਅਪੀਲ ਕੀਤੀ।