ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਅਗਸਤ
ਪੀਏਯੂ ਦੇ ਵਿਦਿਆਰਥੀਆਂ/ਬੇਰੁਜ਼ਗਾਰਾਂ ਦਾ ਧਰਨਾ ਦਿਨੋਂ ਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਧਰਨੇ ਦੌਰਾਨ ਇਨ੍ਹਾਂ ਵਿਦਿਆਰਥੀਆਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਸੂਬੇ ਦੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਇਹ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਸਰਕਾਰ ਨੂੰ 11 ਅਗਸਤ ਤੱਕ ਖਾਲੀ ਅਸਾਮੀਆਂ ਭਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਸਮਾਂ ਦਿੱਤਾ ਸੀ, ਜਿਸ ਦੇ ਅੱਜ ਪੂਰਾ ਹੋਣ ’ਤੇ ਇਨ੍ਹਾਂ ਵਿਦਿਆਰਥੀਆਂ ਨੇ 12 ਅਗਸਤ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਇਨਾਂ ਵਿਦਿਆਰਥੀਆਂ ਦੇ ਸਮਰਥਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੀ ਅੱਗੇ ਆ ਗਈ ਹੈ।
ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਕਿਸਾਨ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਵਿੱਚ ਜੱਥੇਬੰਦੀ ਦੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਨਾਲ ਸਮਰਥਨ ਦੇਣ ਪਹੁੰਚੇ। ਸ੍ਰੀ ਸਿੱਧੂਪਰ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸ ਨੂੰ ਬਚਾਉਣ ਲਈ ਇਹ ਪੜ੍ਹੇ ਲਿਖੇ ਨੌਜਵਾਨ ਵਧੀਆ ਯੋਗਦਾਨ ਪਾ ਸਕਦੇ ਹਨ ਪਰ ਅਫਸੋਸ ਸਰਕਾਰ ਵੱਲੋਂ ਇਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ। ਦੂਜੇ ਪਾਸੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅੱਜ ਸਥਾਨਕ ਵਿਧਾਇਕ ਅਤੇ ਏਸੀਪੀ ਲੁਧਿਆਣਾ ਉਨ੍ਹਾਂ ਕੋਲ ਆਏ ਅਤੇ ਧਰਨਾ 15 ਅਗਸਤ ਤੱਕ ਮੁਲਤਵੀ ਕਰਨ ਲਈ ਆਖ ਰਹੇ ਸਨ। ਇਸ ਦੌਰਾਨ ਵਿਦਿਆਰਥੀਆਂ/ਬੇਰੁਜ਼ਗਾਰਾਂ ਨੇ ਫੈਸਲਾ ਕੀਤਾ ਕਿ ਧਰਨਾ ਮੁਲਤਵੀ ਨਹੀਂ ਕੀਤਾ ਜਾਵੇਗਾ। ਸਗੋਂ ਪਹਿਲਾਂ ਲਏ ਗਏ ਫੈਸਲੇ ਅਨੁਸਾਰ 12 ਅਗਸਤ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਧਰਨਾ ਚੁਕਾਉਣਾ ਚਾਹੁੰਦੀ ਹੈ ਤਾਂ ਉਸ ਨੂੰ 14 ਅਗਸਤ ਤੱਕ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।