ਸਤਵਿੰਦਰ ਬਸਰਾ
ਲੁਧਿਆਣਾ, 18 ਜੁਲਾਈ
ਪਿਛਲੇ ਕਈ ਦਿਨਾਂ ਤੋਂ ਇੰਟਰਨਸ਼ਿਪ ਭੱਤਾ ਵਧਾਉਣ ਦੀ ਮੰਗ ਨੂੰ ਲੈ ਕਿ ਧਰਨਾ ਦੇ ਰਹੇ ਵਿਦਿਆਰਥੀਆਂ ਦਾ ਮਰਨ ਵਰਤ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਮੰਗ ਨੂੰ ਲੈ ਕਿ ਦੋ ਵੈਟਰਨਰੀ ਵਿਦਿਆਰਥੀ ਮਰਨ ਵਰਤ ’ਤੇ ਬੈਠੇ ਹੋਏ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਧਰਨੇ ਵਾਲੀ ਥਾਂ ’ਤੇ ਹੀ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ ਜਦਕਿ ਦੂਜੇ ਵਿਦਿਆਰਥੀ ਨੇ ਕਿਸੇ ਵੀ ਤਰ੍ਹਾਂ ਦੀ ਦਵਾਈ ਅਤੇ ਡਾਕਟਰੀ ਸਹਾਇਤਾ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਆਪਣੀ ਇਸ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਵੈਟਰਨਰੀ ਕੌਂਸਲ ਆਫ ਇੰਡੀਆ ਦੇ ਮੈਂਬਰ ਡਾ. ਅਮਿਤ ਨੈਨ ਅੱਜ ਵਿਸ਼ੇਸ਼ ਤੌਰ ’ਤੇ ਧਰਨੇ ਵਾਲੀ ਥਾਂ ਪਹੁੰਚੇ। ਉਨ੍ਹਾਂ ਨਾਲ ਪੰਜਾਬ ਸਟੇਟ ਵੈਟਰਨਰੀ ਅਫਸਰ ਐਸੋਸੀਏਸ਼ਨ ਦੇ ਆਗੂ ਵੀ ਵਿਦਿਆਰਥੀਆਂ ਦੀ ਹਮਾਇਤ ਵਿੱਚ ਅੱਗੇ ਆਏ। ਇਨ੍ਹਾਂ ਆਗੂਆਂ ਨੇ ਵਿਸ਼ਵਾਸ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਨ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਡਾਕਟਰਾਂ ਨੇ ’ਵਰਸਿਟੀ ਦੇ ਉਪ ਕੁਲਪਤੀ ਨਾਲ ਮੀਟਿੰਗ ਵੀ ਕੀਤੀ। ਦੂਜੇ ਪਾਸੇ ਮਰਨ ਵਰਤ ’ਤੇ ਬੈਠੇ ਵਿਦਿਆਰਥੀਆਂ ਵਿੱਚੋਂ ਡਾ. ਸ਼ਿਵਮ ਸ਼ਰਮਾ ਨੂੰ ਪੰਜ ਦਿਨ ਜਦਕਿ ਡਾ. ਸਤਨਾਮ ਸਿੰਘ ਨੂੰ ਤਿੰਨ ਦਿਨ ਹੋ ਗਏ ਹਨ। ਇਸ ਦੌਰਾਨ ਅੱਜ ਫਿਰ ਡਾ. ਸ਼ਿਵਮ ਦੀ ਹਾਲਤ ਖਰਾਬ ਹੋਣ ’ਤੇ ਉਨ੍ਹਾਂ ਨੂੰ ਧਰਨੇ ਵਾਲੀ ਥਾਂ ’ਤੇ ਹੀ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਉਧਰ ਡਾ. ਸਤਨਾਮ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਦਵਾਈ ਅਤੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਵਿਧਾਇਕ ਗੁਰਪ੍ਰੀਤ ਗੋਗੀ ਦੇ ਕਹਿਣ ’ਤੇ ਡਾਕਟਰਾਂ ਦਾ ਇੱਕ ਚਾਰ ਮੈਂਬਰੀ ਵਫਦ ਅੱਜ ਚੰਡੀਗੜ੍ਹ ਵਿੱਚ ਪਸ਼ੂ ਪਾਲਣ ਮੰਤਰੀ ਨਾਲ ਮੀਟਿੰਗ ਕਰਨ ਵੀ ਗਿਆ ਹੈ। ਇਸ ਮੀਟਿੰਗ ’ਚ ਕੀ ਗੱਲਬਾਤ ਹੋਈ, ਖਬਰ ਲਿਖੇ ਜਾਣ ਤੱਕ ਪਤਾ ਨਹੀਂ ਲੱਗ ਸਕਿਆ।