ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਅਗਸਤ
ਪੀਏਯੂ ਦੇ ਵਿਦਿਆਰਥੀਆਂ /ਬੇਰੁਜ਼ਗਾਰਾਂ ਨੇ ਪਹਿਲਾਂ ਕੀਤੇ ਐਲਾਨ ਤਹਿਤ ਅੱਜ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਪਹਿਲੇ ਦਿਨ ਬਬਨਪ੍ਰੀਤ ਸਿੰਘ ਨਾਂ ਦਾ ਨੌਜਵਾਨ ਮਰਨ ਵਰਤ ’ਤੇ ਬੈਠਾ। ਇਨ੍ਹਾਂ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਬੀਤੀ 6 ਅਗਸਤ ਤੋਂ ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਭੁੱਖ ਹੜਤਾਲ ਕੀਤੀ ਹੋਈ ਸੀ। ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਵਿਦਿਆਰਥੀਆਂ/ ਬੇਰੁਜ਼ਗਾਰਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਸੰਘਰਸ਼ ਕਰਦੇ ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਪੰਜਾਬ ਵਿੱਚ ਏਡੀਓ ਦੀਆਂ 510, ਐੱਚਡੀਓ ਦੀਆਂ 150 ਐੱਸਸੀਓ ਦੀਆਂ 20 ਅਤੇ ਏਐਸਆਈ ਦੀਆਂ 370 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ। ਸੂਬੇ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਇਨਾਂ ਖਾਲੀ ਅਸਾਮੀਆਂ ਨੂੰ ਭਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰ ਕੇ ਕਈ ਬੀਐੱਸਸੀ, ਐੱਮਐੱਸਸੀ ਤੇ ਬੀਐੱਚਡੀ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਨੌਜਵਾਨ ਬੇਰੁਜ਼ਗਾਰ ਹਨ। ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਸਬੰਧੀ ਬੀਤੀ 6 ਅਗਸਤ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਪਰ ਅਫਸੋਸ ਇਸ ਦੌਰਾਨ ਵੀ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਮਜਬੂਰ ਹੋ ਕੇ ਅੱਜ ਤੋਂ ਉਨ੍ਹਾਂ ਨੂੰ ਮਰਨ ਵਰਤ ’ਤੇ ਬੈਠਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਉੰਨੀ ਦੇਰ ਤੱਕ ਮਰਨ ਵਰਤ ਖਤਮ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਕਈ ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸਿਅਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਵਿਦਿਆਰਥੀਆਂ/ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਜਾਇਜ਼ ਆਖਦਿਆਂ ਸਰਕਾਰ ਨੂੰ ਪਹਿਲ ਦੇ ਅਧਾਰ ’ਤੇ ਖਾਲੀ ਅਸਾਮੀਆਂ ਭਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬੇ ਵਿੱਚ ਖੇਤੀ ਮੁੱਖ ਕਿੱਤਾ ਹੈ ਅਤੇ ਇਸ ਕਿੱਤੇ ਵਿੱਚ ਹੋਰ ਤਰੱਕੀ ਲਈ ਪੜ੍ਹੇ-ਲਿਖੇ ਨੌਜਵਾਨਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਸਰਕਾਰ ਖੇਤੀਬਾੜੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰੇਗੀ।
ਡਿਗਰੀਆਂ ਦੀਆਂ ਕਾਪੀਆਂ ਸਾੜੀਆਂ਼
ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੀਏਯੂ ਦੇ ਵਿਦਿਆਰਥੀਆਂ/ਬੇਰੁਜ਼ਗਾਰਾਂ ਨੇ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਸਾੜ ਕਿ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਵੀ ਕੱਢੀ। ਇਸ ਮੌਕੇ ਵੱਡੀ ਗਿਣਤੀ ਵਿੱਚ ਲੜਕੀਆਂ ਵੀ ਮੌਜੂਦ ਸਨ।