ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਜੂਨ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਅੱਜ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਲੁਧਿਆਣਾ ਵਿੱਚ ਵੇਚਣ ਵਾਲੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਚੰਡੀਗੜ੍ਹ ਦੀਆਂ ਸ਼ਰਾਬ ਦੀਆਂ ਦੁਕਾਨਾਂ ਤੋਂ ਸਸਤੇ ਭਾਅ ’ਤੇ ਸ਼ਰਾਬ ਖਰੀਦ ਕੇ ਸ਼ਹਿਰ ਵਿੱਚ ਸਪਲਾਈ ਕਰਦੇ ਸਨ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਲਾਕੇ ਵਿੱਚ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਬਰਾਂਡਾਂ ਦੀਆਂ ਪੰਜ ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਸਲੇਮ ਟਾਬਰੀ ਥਾਣਾ ਪੁਲੀਸ ਨੇ ਮੁਹੱਲਾ ਪੀਰੂਬੰਦਾ ਵਾਸੀ ਰਾਜੇਸ਼ ਕੁਮਾਰ ਉਰਫ਼ ਕਾਲਾ ਅਤੇ ਉਸ ਦੇ ਪੁੱਤਰ ਆਕਾਸ਼ਦੀਪ ਸਿੰਘ ਉਰਫ਼ ਆਸ਼ੂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲੀਸ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪਿਤਾ-ਪੁੱਤਰ ਹਨ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਹਨ। ਹੁਣ ਵੀ ਮੁਲਜ਼ਮ ਸ਼ਰਾਬ ਤਸਕਰੀ ਕਰਨ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਲੰਬੇ ਸਮੇਂ ਤੋਂ ਸ਼ਰਾਬ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਸਨ। ਉਹ ਚੰਡੀਗੜ੍ਹ ਦੀਆਂ ਸ਼ਰਾਬ ਦੀਆਂ ਦੁਕਾਨਾਂ ਤੋਂ ਸ਼ਰਾਬ ਕਦੇ ਟੈਕਸੀ ਵਿੱਚ ਅਤੇ ਕਦੇ ਟੈਂਪੂ ਵਿੱਚ ਸ਼ਰਾਪ ਸਪਲਾਈ ਕਰਦੇ ਸਨ ਅਤੇ ਸ਼ਹਿਰ ਵਿੱਚ ਮਹਿੰਗੇ ਭਾਅ ’ਤੇ ਵੇਚਦੇ ਸਨ। ਪੁਲੀਸ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।