ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵਿੱਤੀ ਮਦਦ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਰਮਦਾਸ ਤਹਿਸੀਲ ਦੇ ਪਿੰਡ ਚਹਾੜਪੁਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪਿੰਡ ਜਰਗੜੀ ਵੱਲੋਂ ਇੱਕ ਲੱਖ 39 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ। ਇਸ ਮੌਕੇ ਸੂਬਾ ਮੀਤ ਸਕੱਤਰ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਾਂ ਵਿੱਚ ਰੇਤ ਨੂੰ ਟਰੈਕਟਰਾਂ ਨਾਲ ਪੱਧਰ ਕਰਨ ਵਿੱਚ ਪਿੰਡ ਜਰਗੜੀ ਵੱਲੋਂ ਯੋਗਦਾਨ ਪਾਇਆ ਗਿਆ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਕਿਸਾਨਾਂ ਨੂੰ ਕਣਕ ਦਾ ਬੀਜ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਬੀਜਣ ਤੱਕ ਉਨ੍ਹਾਂ ਦੀ ਜੋ ਜ਼ਮੀਨ ਪੱਧਰ ਕਰਨ, ਬੀਜ, ਦਵਾਈਆਂ, ਖਾਦ ਤੇ ਹੋਰ ਲੋੜੀਦੀਆਂ ਚੀਜ਼ਾਂ ਕਣਕ ਬੀਜਣ ਤੱਕ ਜਥੇਬੰਦੀ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਐਲਾਨੇ ਹੋਏ ਮੁਆਵਜ਼ੇ ਦੀ ਰਾਸ਼ੀ ਕਿਸਾਨਾਂ ਨੂੰ ਫੌਰੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ। ਇਸ ਮੌਕੇ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ, ਅਵਤਾਰ ਸਿੰਘ ਤਾਰੀ ਅਤੇ ਸੁਖਵਿੰਦਰ ਸਿੰਘ ਮੌਜੂਦ ਸਨ।
