ਆਪਣੀਆਂ ਰੀਲਾਂ ਬਣਾਉਣ ਕਾਰਨ ਚਰਚਾ ਵਿੱਚ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਰਣਜੀਤ ਕੌਰ ਉਰਫ਼ ‘ਭਾਬੀ ਚੁੰਮੇਵਾਲੀ’ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲੁਧਿਆਣਾ ਪੁਲੀਸ ਨੇ ਨਿਹੰਗ ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ ’ਤੇ ਦੋਵਾਂ ਖ਼ਿਲਾਫ਼ ਆਈ ਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਹ ਜੋੜਾ ਇੰਟਰਨੈੱਟ ਮੀਡੀਆ ’ਤੇ ਬੇਹੱਦ ਅਸ਼ਲੀਲ ਅਤੇ ਮਰਿਆਦਾਹੀਣ ਸਮੱਗਰੀ ਅਪਲੋਡ ਕਰ ਰਿਹਾ ਹੈ, ਜਿਸ ਦਾ ਬੱਚਿਆਂ ਦੀ ਮਾਨਸਿਕਤਾ ਅਤੇ ਸਮਾਜ ਦੇ ਤਾਣੇ-ਬਾਣੇ ’ਤੇ ਬੁਰਾ ਅਸਰ ਪੈ ਰਿਹਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਿਹੰਗ ਮਨਪ੍ਰੀਤ ਸਿੰਘ ਖ਼ਾਲਸਾ ਨੇ ਦੋਸ਼ ਲਾਇਆ ਕਿ ਰਣਜੀਤ ਕੌਰ ਅਤੇ ਉਸ ਦਾ ਪਤੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਤੋਂ ਜਾਣ-ਬੁੱਝ ਕੇ ਅਸ਼ਲੀਲ ਵੀਡੀਓ ਸਾਂਝੀਆਂ ਕਰਦੇ ਹਨ। ਥਾਣਾ ਮੋਤੀ ਨਗਰ ਦੇ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਰਣਜੀਤ ਕੌਰ ਅਤੇ ਜ਼ਿੰਦਾ ਹੰਸ ਖ਼ਿਲਾਫ਼ ਆਈ ਟੀ ਐਕਟ ਦੀ ਧਾਰਾ 67 ਅਤੇ 67 (ਏ) ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ਾਂ ਦੀ ਜਾਂਚ ਮਗਰੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਰਣਜੀਤ ਕੌਰ ਨੇ ਖ਼ੁਦ ਨੂੰ ਬੇਕਸੂਰ ਦੱਸਿਆ
ਇਸ ਪੂਰੇ ਮਾਮਲੇ ’ਤੇ ਰਣਜੀਤ ਕੌਰ ਅਤੇ ਉਸ ਦੇ ਪਤੀ ਨੇ ਵੀਡੀਓ ਸੁਨੇਹਾ ਜਾਰੀ ਕਰ ਕੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਨਿਹੰਗ ਸਿੰਘ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਪਹਿਲਾਂ ਹੀ ਸ਼ਿਕਾਇਤ ਦੇ ਚੁੱਕੇ ਹਨ, ਪਰ ਪੁਲੀਸ ਨੇ ਹਾਲੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ। ਇਨਫਲੂਐਂਸਰ ਨੇ ਸਾਫ਼ ਕਿਹਾ ਕਿ ਉਨ੍ਹਾਂ ਕੋਲ ਨਿਹੰਗ ਮਨਪ੍ਰੀਤ ਸਿੰਘ ਖ਼ਿਲਾਫ਼ ਪੁਖ਼ਤਾ ਸਬੂਤ ਮੌਜੂਦ ਹਨ, ਜਿਨ੍ਹਾਂ ਨੂੰ ਜਲਦੀ ਸਾਹਮਣੇ ਲਿਆਵੇਗੀ।
