ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਅਤੇ ਪ੍ਰਚਾਰਕਾਂ ਨੇ ਗੁਰੂ ਜੱਸ ਸਰਵਣ ਕਰਵਾਇਆ। ਗਰਦਆਰਾ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਹੋਏ ਸਮਾਗਮ ਦੌਰਾਨ ਭਾਈ ਗੁਰਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸਿੱਖ ਇਤਿਹਾਸ ਤੇ ਚਾਨਣਾ ਪਾਇਆ ਜਦਕਿ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜੱਥੇ ਨੇ ਕੀਰਤਨ ਕੀਤਾ। ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ।
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਚੌਂਕ ਵਿੱਚ ਹੋਏ ਸਮਾਗਮ ਦੌਰਾਨ ਭਾਈ ਜਸਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ। ਉਪਰੰਤ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਿਰਪਾਲ ਸਿੰਘ, ਬੀਬੀ ਰਜਿੰਦਰ ਕੌਰ ਅਤੇ ਭਾਈ ਗੁਰਦੇਵ ਸਿੰਘ ਪਟਿਆਲਾ ਦੇ ਜੱਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਸੁਖਵਿੰਦਰ ਪਾਲ ਸਿੰਘ ਲਾਲੀ ਅਤੇ ਅਮਰਜੀਤ ਸਿੰਘ ਟਿੱਕਾ ਨੇ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਬਿੰਦਰਾ ਅਤੇ ਅਮਰਪਾਲ ਸਿੰਘ ਸਰਨਾ ਵੀ ਹਾਜ਼ਰ ਸਨ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਬਾਣੀ ਨਾਲ ਜੁੜਣ ਦੀ ਅਪੀਲ ਕੀਤੀ। ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਪਵਿੱਤਰ ਦਿਹਾੜੇ ਸਬੰਧੀ ਰੋਸ਼ਨੀ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਨੂੰ ਵਧਾਈ ਦਿੱਤੀ ਜਦਕਿ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ ਨੇ ਸੰਗਤ ਦਾ ਧੰਨਵਾਦ ਕੀਤਾ।