ਗਗਨਦੀਪ ਅਰੋੜਾ
ਲੁਧਿਆਣਾ, 12 ਜਨਵਰੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਲੁਧਿਆਣਾ ਪੁਲੀਸ ਕਮਿਸ਼ਨਰੇਟ ਵੱਲੋਂ ਅੱਜ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਵਿੱਚ ਲੁਧਿਆਣਾ ਪੁਲੀਸ ਦੇ ਮੁਲਾਜ਼ਮਾਂ ਦੇ ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਸਨ, ਲੁਧਿਆਣਾ ਵਿੱਚ ਚੋਣਾਂ ਨੂੰ ਦੇਖਦੇ ਹੋਏ ਦੋ ਕੰਪਨੀਆਂ ਪੁੱਜ ਗਈਆਂ ਹਨ। ਇਸ ਦੇ ਨਾਲ ਹੀ ਅੱਜ ਸਵੇਰੇ ਡੀਸੀਪੀ ਸਿਮਰਤਪਾਲ ਸਿੰਘ ਢੀਂਡਸਾ ਨੇ ਪੁਲੀਸ ਦੇ ਨਾਲ ਰੇਲਵੇ ਸਟੇਸ਼ਨ ਲੁਧਿਆਣਾ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਲੋਕਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਕੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਸਿਰੇ ਚਾੜ੍ਹਿਆ ਜਾ ਸਕੇ।ਚੈਕਿੰਗ ਦੀ ਅਗਵਾਈ ਕਰਦਿਆਂ ਡੀਸੀਪੀ ਸਿਮਰਤਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਅਰਧ ਫੌਜੀ ਬਲਾਂ ਦੀਆਂ ਕਈ ਕੰਪਨੀਆਂ ਪਹੁੰਚ ਗਈਆਂ ਹਨ ਜਦੋਂ ਕਿ ਦੰਗਾ ਵਿਰੋਧੀ ਪੁਲੀਸ ਨੇ ਕਮਿਸ਼ਨਰੇਟ ਪੁਲੀਸ ਦੇ ਨਾਲ ਚੈਕਿੰਗ ਅਤੇ ਹੋਰ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਆਰਪੀਐਫ ਅਤੇ ਏਆਰਪੀ ਟੀਮਾਂ ਦੀਆਂ ਹੋਰ ਕੰਪਨੀਆਂ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲੀਸ ਮੁਲਾਜ਼ਮਾਂ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਸਾਂਝੀਆਂ ਟੀਮਾਂ ਨੂੰ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਵਿਸ਼ੇਸ਼ ਤੌਰ ’ਤੇ ਕਮਜ਼ੋਰ ਖੇਤਰਾਂ ਵਿੱਚ ਪੈਦਲ ਮਾਰਚ ਕਰਨ ਤੋਂ ਇਲਾਵਾ ਵੱਖ-ਵੱਖ ਜਗ੍ਹਾਂ ’ਤੇ ਗਸ਼ਤ ਕਰਨ ਲਈ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਦੀ ਹਦੂਦ ਅੰਦਰ ਨਾਕੇ ਵੀ ਲਗਾ ਕੇ ਚੈਕਿੰਗ ਸ਼ੁਰੂ ਹੋ ਚੁੱਕੀ ਹੈ, ਜਿਹੜੀ ਕਿ ਆਉਂਦੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀ ਜਾ ਸਕੇ।