ਕੁਲਵਿੰਦਰ ਸਿੰਘ ਗਿੱਲ
ਕੁੱਪ ਕਲਾਂ, 13 ਜੁੂਨ
ਲੋਕ ਸਭਾ ਜ਼ਿਮਨੀ ਚੋਣਾਂ ਸੰਗਰੂਰ ਦੇ ਮੱਦੇਨਜ਼ਰ ਕੁੱਪ ਕਲਾਂ ਇਲਾਕੇ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਸਦਰ ਥਾਣਾ ਅਹਿਮਦਗੜ੍ਹ ਪੁਲੀਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਦਰ ਥਾਣਾ ਮੁਖੀ ਇੰਸਪੈਕਟਰ ਸਿਕੰਦਰ ਸਿੰਘ ਹੈਪੀ ਨੇ ਦੱਸਿਆ ਕਿ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਕਰਦਿਆਂ ਸਦਰ ਥਾਣਾ ਅਹਿਮਦਗੜ੍ਹ ਪੁਲੀਸ ਵੱਲੋਂ ਕੁੱਪ ਕਲਾਂ ਇਲਾਕੇ ਅੰਦਰ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਭਾਰਤੀ ਫ਼ੌਜ ਦੇ ਨੌਜਵਾਨਾਂ ਸਣੇ ਇਲਾਕੇ ਅੰਦਰ ਗਸ਼ਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਬਾਹਰ ਰਹਿ ਕੇ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਇਲਾਕੇ ਅੰਦਰ ਚੌਕਸੀ ਵਰਤੀ ਜਾ ਰਹੀ ਹੈ। ਇਲਾਕੇ ਦੇ ਅੰਦਰ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਲਾਗਲੇ ਪਿੰਡ ਕੁੱਪ ਕਲਾਂ, ਜਿੱਤਵਾਲ, ਭੋਗੀਵਾਲ, ਬੌੜਹਾਈ ਕਲਾਂ, ਰੋਹੀੜਾ, ਕੰਗਣਵਾਲ ਤੋਂ ਇਲਾਵਾ ਦਰਜਨਾਂ ਪਿੰਡਾਂ ਅੰਦਰ ਸੁਰੱਖਿਆ ਬਲਾਂ ਦੇ ਜਵਾਨਾਂ ਸਣੇ ਪੁਲੀਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ।