ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਕਤੂਬਰ
ਮੰਡੀਆਂ ਵਿੱਚ ਹੋਰਾਂ ਸੂਬਿਆਂ ਤੋਂ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਗਠਿਤ ਕੀਤੇ ਗਏ ਉਡਣ ਦਸਤੇ (ਫਲਾਇੰਗ ਸਕੂਐਡ) ਟਰੱਕਾਂ ਜਾਂ ਹੋਰ ਕਮਰਸ਼ੀਅਲ ਵਾਹਨਾਂ ’ਤੇ ਬਾਜ਼ ਵਾਲੀ ਅੱਖ ਰੱਖੀ ਬੈਠੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ 24 ਘੰਟੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦੁਆਰਾ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ, ਪੁਲੀਸ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ 18 ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਟਰੱਕ ਜਾਂ ਕਮਰਸ਼ੀਅਲ ਵਾਹਨ ਦੀ ਜਾਂਚ ਕੀਤੀ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਇਹ ਉਡਣ ਦਸਤੇ ਚਾਲੂ ਖਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ।