ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਜੁਲਾਈ
ਪੁਲੀਸ ਜ਼ਿਲ੍ਹਾ ਖੰਨਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਇੱਥੋਂ ਦੇ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿੱਚ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਐੱਸਐੱਸਪੀ ਜੋਤੀ ਯਾਦਵ ਨੇ ਕਿਹਾ ਕਿ ਪੁਲੀਸ ਵੱਲੋਂ ਪਹਿਲਾਂ ਹੀ ਨਸ਼ਿਆਂ ਖਿਲਾਫ ਸ਼ਿਕੰਜਾ ਕੱਸ ਕੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ।
ਐੱਸਐੱਸਪੀ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਖੰਨਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੁਲੀਸ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਨਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ। ਐਸਐਸਪੀ ਨੇ ਟੂਰਨਾਮੈਂਟ ਵਿੱਚ ਸ਼ਾਮਲ ਪੁਰਸ਼ ਅਤੇ ਮਹਿਲਾਵਾਂ ਦੀਆਂ ਜੇਤੂ ਟੀਮਾਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।