ਸਾਬਕਾ ਕੌਂਸਲਰ ਬਲਜਿੰਦਰ ਬੰਟੀ ਨੇ ਫੜਿਆ ‘ਝਾੜੂ’
ਗਗਨਦੀਪ ਅਰੋੜਾ
ਲੁਧਿਆਣਾ, 14 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਤੇ ਆਸ਼ੂ ਦੇ ਸਾਥੀ ਬਲਜਿੰਦਰ ਸਿੰਘ ਬੰਟੀ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬੰਟੀ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜ਼ਰੂਰ ਫ਼ਾਇਦਾ ਹੋਵੇਗਾ। ਬਲਜਿੰਦਰ ਸਿੰਘ ਬੰਟੀ ਕਾਂਗਰਸ ਪਾਰਟੀ ਤੋਂ ਲੁਧਿਆਣਾ ਨਗਰ ਨਿਗਮ ਵਾਰਡ ਨੰਬਰ 72 ਦੇ ਕੌਂਸਲਰ ਰਹਿ ਚੁੱਕੇ ਹਨ। ਉਹ ਪੇਸ਼ੇ ਤੋਂ ਇੰਜਨੀਅਰ ਹਨ ਅਤੇ ਯੂਥ ਕਾਂਗਰਸ ਸਮੇਤ ਕਈ ਪਾਰਟੀ ਅਹੁਦਿਆਂ ’ਤੇ ਰਹਿ ਚੁੱਕੇ ਹਨ।
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੁਧਿਆਣਾ ਪੱਛਮੀ ਤੋਂ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਬਲਜਿੰਦਰ ਬੰਟੀ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਸੰਜੀਵ ਅਰੋੜਾ ਨੇ ਬੰਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ, ‘‘ਅਸੀਂ ਇਕੱਠੇ ਮਿਲ ਕੇ ਪੂਰੇ ਲੁਧਿਆਣਾ ਸ਼ਹਿਰ ਨੂੰ ਇੰਨਾ ਸਾਫ਼ ਅਤੇ ਵਿਕਸਤ ਸ਼ਹਿਰ ਬਣਾਵਾਂਗੇ ਤਾਂ ਜੋ ਲੁਧਿਆਣਾ ਦੇ ਲੋਕਾਂ ਆਪਣੇ ਸ਼ਹਿਰ ’ਤੇ ਮਾਣ ਮਹਿਸੂਸ ਕਰ ਸਕਣ। ਸ਼ੈਰੀ ਕਲਸੀ ਨੇ ਕਿਹਾ ਕਿ ਕਾਂਗਰਸ ਵਿੱਚ ਬਹੁਤ ਜ਼ਿਆਦਾ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ ਜਿਸ ਕਾਰਨ ਇਸਦੇ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ। ਉਨ੍ਹਾਂ ਬਲਜਿੰਦਰ ਬੰਟੀ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਜਿੰਦਰ ਬੰਟੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਐੱਮਐੱਸਐੱਮਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ‘ਆਪ’ ’ਚ ਸ਼ਾਮਲ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਲੁਧਿਆਣਾ ਦੇ ਉੱਘੇ ਉਦਯੋਗਪਤੀ ਤੇ ਐੱਮਐੱਸਐੱਮਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਬਦੀਸ਼ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਿੰਦਲ ਨੇ ਕਿਹਾ ਕਿ ਉਹ ‘ਆਪ’ ਦੇ ਉਦਯੋਗ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਦਯੋਗਾਂ ਅਤੇ ਛੋਟੇ-ਮੱਧਮ ਕਾਰੋਬਾਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਚੁੱਕ ਰਹੀ ਹੈ। ਫਾਸਟ ਟਰੈਕ ਪੰਜਾਬ ਪੋਰਟਲ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਹੈ। ਉਨ੍ਹਾਂ ਇੰਡਸਟਰੀ ਦੀ ਦਹਾਕਿਆਂ ਪੁਰਾਣੀ ਕਈ ਮੰਗਾਂ ਨੂੰ ਪੂਰਾ ਕਰਨ ਲਈ ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।