ਗੁਰੂ ਨਾਨਕ ਕਾਲਜ ’ਚ ਵਰਮੀ ਕੰਪੋਸਟ ਯੂਨਿਟ ਦਾ ਨੀਂਹ ਪੱਥਰ ਰੱਖਿਆ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਸਟਾਰਟਅੱਪ ਪ੍ਰਾਜੈਕਟ ਅਧੀਨ ਵਰਮੀ ਕੰਪੋਸਟ ਯੂਨਿਟ ਦਾ ਨੀਂਹ ਪੱਥਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਰੁਪਿੰਦਰ ਕੌਰ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਮਕਸਦ ਕਾਲਜ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦੇ ਹੋਏ ਵਰਮੀ ਕੰਪੋਸਟਿੰਗ ਨੂੰ ਇੱਕ ਕਿੱਤੇ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਕੂੜਾ ਪ੍ਰਬੰਧਨ ਬਾਰੇ ਸਿਖਾਉਣਾ ਹੈ। ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਅਤੇ ਕਿੱਤਾ ਮੁਖੀ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਪ੍ਰਾਜੈਕਟ ਨੂੰ ਪ੍ਰੋ. ਅਮਨਦੀਪ ਕੌਰ ਚੀਮਾ, ਡਾ. ਕਰਮਜੀਤ ਸਿੰਘ ਅਤੇ ਪ੍ਰੋ. ਗੁਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਸ਼ੁਰੂ ਕੀਤਾ ਗਿਆ। ਇਸ ਮੌਕੇ ਪ੍ਰੋ. ਰਣਜੀਤ ਕੌਰ, ਡਾ. ਲਵਲੀਨ ਬੈਂਸ, ਪ੍ਰੋ. ਸਨਦੀਪ ਸਿੰਘ ਹੁੰਦਲ, ਪ੍ਰੋ. ਰੋਹਿਤ ਕੁਮਾਰ ਅਤੇ ਕੁਲਵੰਤ ਸਿੰਘ ਹਾਜ਼ਰ ਸਨ। ਸ੍ਰੀ ਬਰਾੜ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਵਿਦਿਆਰਥੀ ਇਸ ਪ੍ਰਾਜੈਕਟ ਤੋਂ ਬਹੁਤ ਕੁਝ ਸਿੱਖਣਗੇ।