ਆਸਟਰੇਲੀਆ ਭੇਜਣ ਦੇ ਨਾਮ ’ਤੇ ਚਾਰ ਲੱਖ ਰੁਪਏ ਠੱਗੇ
ਲੁਧਿਆਣਾ (ਦਿਹਾਤੀ) ਜ਼ਿਲ੍ਹਾ ਪੁਲੀਸ ਨੇ ਪਿੰਡ ਸਹੌਲੀ ਵਾਸੀ ਪਰਮਜੀਤ ਸਿੰਘ ਪੁੱਤਰ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਜ਼ਿਲ੍ਹਾ ਮੋਗਾ ਦੇ ਇਕ ਟਰੈਵਲ ਏਜੰਟ ਵਿਰੁੱਧ ਧੋਖਾਧੜੀ ਅਤੇ ਇਮੀਗਰੇਸ਼ਨ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।...
ਲੁਧਿਆਣਾ (ਦਿਹਾਤੀ) ਜ਼ਿਲ੍ਹਾ ਪੁਲੀਸ ਨੇ ਪਿੰਡ ਸਹੌਲੀ ਵਾਸੀ ਪਰਮਜੀਤ ਸਿੰਘ ਪੁੱਤਰ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਜ਼ਿਲ੍ਹਾ ਮੋਗਾ ਦੇ ਇਕ ਟਰੈਵਲ ਏਜੰਟ ਵਿਰੁੱਧ ਧੋਖਾਧੜੀ ਅਤੇ ਇਮੀਗਰੇਸ਼ਨ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾਕਟਰ ਅੰਕੁਰ ਗੁਪਤਾ ਦੇ ਆਦੇਸ਼ ਅਨੁਸਾਰ ਉਪ ਪੁਲੀਸ ਕਪਤਾਨ ਦਾਖਾ ਵਰਿੰਦਰ ਸਿੰਘ ਖੋਸਾ ਵੱਲੋਂ ਮੁੱਢਲੀ ਪੜਤਾਲ ਦੌਰਾਨ ਦੋਸ਼ਾਂ ਦੀ ਪੁਸ਼ਟੀ ਕੀਤੀ ਗਈ ਸੀ। ਇਸ ਤੋਂ ਬਾਅਦ ਥਾਣਾ ਜੋਧਾਂ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਲਈ ਡੀ ਐੱਸ ਪੀ ਦਾਖਾ ਦੇ ਹਵਾਲੇ ਕਰ ਦਿੱਤੀ ਹੈ। ਵਰਿੰਦਰ ਖੋਸਾ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਨੂੰਨੀ ਚਾਰਾਜੋਈ ਆਰੰਭ ਦਿੱਤੀ ਗਈ ਹੈ। ਪਰਮਜੀਤ ਸਿੰਘ ਵਾਸੀ ਸਹੌਲੀ ਨੇ ਦੋਸ਼ ਲਾਇਆ ਸੀ ਕਿ ਅਗਵਾੜ ਸੰਧੂਆਂ ਧਰਮਕੋਟ ਵਾਸੀ ਰਵਿੰਦਰਜੀਤ ਸਿੰਘ ਨੇ ਉਸ ਦੇ ਪੁੱਤਰ ਗੁਰਸਹਿਤ ਸਿੰਘ ਨੂੰ ਆਸਟਰੇਲੀਆ ਭੇਜਣ ਦਾ ਸਬਜ਼ਬਾਗ ਦਿਖਾ ਕੇ ਚਾਰ ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਰਵਿੰਦਰਜੀਤ ਸਿੰਘ ਕੋਲ ਟਰੈਵਲ ਏਜੰਟ ਦਾ ਕੋਈ ਲਾਇਸੈਂਸ ਵੀ ਨਹੀਂ ਹੈ। ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।

