ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਕਤੂਬਰ
ਮੁੜ ਵਸੇਬੇ ਨੂੰ ਯਕੀਨੀ ਬਣਾਉਣ, ਕੈਦੀਆਂ ਦੇ ਵਿਆਹੁਤਾ ਬੰਧਨ ਨੂੰ ਮਜ਼ਬੂਤ ਕਰਨ ਅਤੇ ਕੈਦ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨ ਲਈ ਇਕ ਹੋਰ ਕਦਮ ਚੁੱਕਦੇ ਹੋਏ, ਲੁਧਿਆਣਾ ਕੇਂਦਰੀ ਜ਼ੇਲ੍ਹ ਵੱਲੋਂ ਚੰਗੇ ਆਚਰਣ ਵਾਲੇ ਕੈਦੀਆਂ ਲਈ ਕੰਜੂਗਲ ਮੁਲਾਕਾਤ ਦੀ ਸਹੂਲਤ ਸ਼ੁਰੂ ਕੀਤੀ ਗਈ। ਇਸ ਤਹਿਤ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਨਾਲ ਇੱਕ ਘੰਟਾ ਬਿਤਾਉਣ ਦਾ ਮੌਕਾ ਦਿੱਤਾ ਜਾਵੇਗਾ। ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਕੈਦੀਆਂ ਨੂੰ ਦਿੱਤੀ ਜਾਵੇਗੀ ਜੋ ਜੇਲ੍ਹ ਵਿੱਚ ਚੰਗੇ ਆਚਰਣ ਦਾ ਪ੍ਰਦਰਸ਼ਨ ਕਰਨਗੇ ਅਤੇ ਸਜ਼ਾ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਕੈਦੀਆਂ ਨੂੰ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਆਪਣੇ ਜੀਵਨ ਸਾਥੀ ਨਾਲ ਇੱਕ ਘੰਟਾ ਬਿਤਾਉਣ ਲਈ ਕੰਜੂਗਲ ਮੁਲਾਕਾਤ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜੇਲ੍ਹ ਵਿੱਚ ਚਾਰ ਕੈਦੀਆਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਸੁਪਰਡੈਂਟ ਨੰਦਗੜ੍ਹ ਨੇ ਦੱਸਿਆ ਕਿ ਜ਼ੇਲ੍ਹ ਦੇ ਮੈਡੀਕਲ ਸਟਾਫ ਵੱਲੋਂ ਐੱਚਆਈਵੀ ਸਮੇਤ ਹੋਰ ਲੋੜੀਂਦੇ ਟੈਸਟ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਉਦੇਸ਼ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ।