ਮਾਛੀਵਾੜਾ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਇਕ ਪ੍ਰੈੱਸ ਬਿਆਨ ਜਾਰੀ ਕਰ ਕੇ ਕਿਹਾ ਕਿ ਯੂਨੀਅਨ ਵੱਲੋਂ ਪਿਛਲੇ ਸਮੇਂ ਵਿੱਚ ਭਾਰੀ ਜੱਦੋ-ਜਹਿਦ ਕਰ ਕੇ, ਕੁਰਬਾਨੀਆਂ ਦੇ ਕੇ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਟਿਊਬਵੈੱਲਾਂ ਵਾਸਤੇ ਮੁਫ਼ਤ ਬਿਜਲੀ ਦੀ ਸਹੂਲਤ ਸਰਕਾਰ ਤੋਂ ਲੈ ਕੇ ਦਿੱਤੀ ਗਈ ਸੀ। ਸ੍ਰੀ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਤੱਕ ਸਰਕਾਰਾਂ ਸੀ2+50 ਫੀਸਦ ਮੁਨਾਫ਼ਾ ਜੋੜ ਕੇ ਕਿਸਾਨਾਂ ਨੂੰ ਲਾਹੇਵੰਦ ਭਾਅ ਨਹੀਂ ਦਿੰਦੀਆਂ ਉਦੋਂ ਤੱਕ ਕਿਸਾਨਾਂ ਨੂੰ ਇਹ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹਿਣੀ ਚਾਹੀਦੀ ਹੈ। ਲੱਖੋਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਖੇਤੀ ਲਈ ਮਿਲਦੀ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। -ਪੱਤਰ ਪ੍ਰੇਰਕ