ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 18.11 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕਾ ਗਿੱਲ, ਦਾਖਾ ਅਤੇ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਈ ਵਿਕਾਸ ਕਾਰਜ ਕਰਵਾਏ ਜਾਣਗੇ।ਅੱਜ ਇਥੇ ਜਾਰੀ ਬਿਆਨ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੰਡ ਵਿੱਤ ਕਮਿਸ਼ਨ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਿੱਲ ਹਲਕੇ ਲਈ 7,56,11,943 ਰੁਪਏ, ਦਾਖਾ ਹਲਕੇ ਲਈ 4,63,11,891 ਰੁਪਏ ਅਤੇ ਜਗਰਾਉਂ ਹਲਕੇ ਲਈ 5,92,72,940 ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਦੇ ਚੈਕ ਤਿਆਰ ਕਰ ਲਏ ਗਏ ਹਨ ਅਤੇ ਜਲਦ ਹੀ ਉਹ ਪੰਚਾਇਤਾਂ ਨੂੰ ਸੌਂਪ ਦੇਣਗੇ ਤਾਂ ਜੋ ਵਿਕਾਸ ਕਾਰਜ ਸ਼ੁਰੂ ਹੋ ਸਕਣ। ਸੰਸਦ ਮੈਂਬਰ ਬਿੱਟੂ ਨੇ ਹੋਰ ਫੰਡ ਵੀ ਦੇਣ ਦਾ ਭਰੋਸਾ ਦਿੱਤਾ।