ਗੁਰਿੰਦਰ ਸਿੰਘ
ਲੁਧਿਆਣਾ, 29 ਸਤੰਬਰ
ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਗੇਟ ਰੈਲੀਆਂ ਕਰ ਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਬਿਜਲੀ ਬਿੱਲ 2022 ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ ਅਤੇ ਰੈਲੀਆਂ ਕਰ ਕੇ ਬਿਜਲੀ ਬਿੱਲ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਹ ਫ਼ੈਸਲਾ ਨਾ ਬਦਲਿਆ ਗਿਆ ਤਾਂ ਸੂਬੇ ਭਰ ਦੇ ਬਿਜਲੀ ਮੁਲਾਜ਼ਮ ਤਿੱਖਾ ਸੰਘਰਸ਼ ਕਰਨਗੇ। ਸੁੰਦਰ ਨਗਰ ਡਿਵੀਜ਼ਨ ਦੇ ਬਾਹਰ ਸਰਕਲ ਪ੍ਰਧਾਨ ਐਡੀਸ਼ਨਲ ਐੱੱਸਡੀਓ ਰਘਵੀਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਬਿਜਲੀ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਹੋਣ ਲਈ ਲਿਆਂਦੇ ਜਾ ਰਹੇ ਬਿਜਲੀ ਬਿੱਲ 2022 ਨੂੰ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਗੌਰਵ ਕੁਮਾਰ ਡਿਵੀਜ਼ਨ ਪ੍ਰਧਾਨ, ਧਰਮਿੰਦਰ ਸਕੱਤਰ, ਧਰਮਪਾਲ ਸਬ ਡਿਵੀਜ਼ਨ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕਿਹਾ ਕਿ ਨਿੱਜੀਕਰਨ ਨੂੰ ਹੋਰ ਮਜ਼ਬੂਤ ਕਰਨ ਵਾਲਾ ਇਹ ਬਿੱਲ ਜਿੱਥੇ ਮੁਲਾਜ਼ਮ ਮਾਰੂ ਹੈ ਉੱਥੇ ਲੋਕ ਵਿਰੋਧੀ ਵੀ ਹੈ ਕਿਉਂਕਿ ਇਹ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਰਾਹਤਾਂ ਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਚਾਹੇ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਇਨ੍ਹਾਂ ਸਾਰਿਆਂ ਨੇ ਮੁਲਾਜ਼ਮ ਵਿਰੋਧੀ ਸੋਚ ਦੇ ਚੱਲਦਿਆਂ ਮੁਲਾਜ਼ਮਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮ ਇਸ ਮਾਰੂ ਬਿੱਲ ਦੇ ਵਿਰੋਧ ਵਿੱਚ ਇੱਕਜੁੱਟ ਹਨ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਇਸ ਮਾਮਲੇ ’ਚ ਸਿੱਧਾ ਦਖ਼ਲ ਦੇ ਕੇ ਮੁਲਾਜ਼ਮਾਂ ਦੇ ਹੱਕ ਵਿੱਚ ਖੜ੍ਹੇ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਭਾਗ ਸਿੰਘ, ਐੱਸਡੀਓ ਵਿਪਨ ਕੁਮਾਰ ਸੂਦ, ਅਰੁਣ ਕੁਮਾਰ, ਪਲਵ ਜੈਨ, ਸਾਹਿਲ ਸ਼ਰਮਾ, ਰਾਜੀਵ ਸ਼ਰਮਾ, ਅਕਾਸ਼ ਗੁਪਤਾ, ਅੰਕਿਤਾ (ਸਾਰੇ ਜੇਈ) ਤੋਂ ਇਲਾਵਾ ਜਗਦੀਸ਼ ਚੰਦ ਤੇ ਹੋਰ ਆਗੂ ਵੀ ਹਾਜ਼ਰ ਸਨ।