ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸਾਕਾ ਸਾਰਾਗੜ੍ਹੀ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅੱਜ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਲਰ ਗੰਜ ਵਿਖੇ ਗਤਕਾ ਸ਼ੋਅ ਕਰਾਇਆ ਗਿਆ, ਜਿਸ ਵਿੱਚ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗਤਕਾ ਟੀਮ ਨੇ ਸ਼ਸ਼ਤਰ ਕਲਾ ਦਾ ਪ੍ਰਦਰਸ਼ਨ ਕੀਤਾ। ਸਾਕਾ ਸਾਰਾਗੜ੍ਹੀ ਦੇ ਸ਼ਹੀਦਾਂ ਦੀ 126ਵੀਂ ਯਾਦ ਨੂੰ ਸਮਰਪਿਤ ਕਰਵਾਏ ਗਏ ਗਤਕਾ ਸ਼ੋਅ ਅੰਦਰ ਗਤਕਾ ਖਿਡਾਰਣਾਂ ਨੂੰ ਉਤਸ਼ਾਹਿਤ ਕਰਦਿਆਂ ਗਤਕਾ ਪ੍ਰਮੋਟਰ ਤੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਮੀਡੀਆ ਸਲਾਹਕਾਰ ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਵਿਰਾਸਤੀ ਖੇਡ ਗਤਕਾ ਨੂੰ ਹੋਰ ਮਾਣ ਸਤਿਕਾਰ ਦਿਵਾਉਣ ਹਿੱਤ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤੀ ਖੇਡ ਨਾਲ ਜੋੜਿਆ ਜਾ ਸਕੇ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ ਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਗਤਕਾ ਖਿਡਾਰਣਾਂ ਨੂੰ ਸਾਰਾਗੜ੍ਹੀ ਯਾਦਗਾਰੀ ਐਵਾਰਡ ਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਮਨਦੀਪ ਕੌਰ ਵੱਲੋਂ ਸਾਰਾਗੜ੍ਹੀ ਦੇ ਮਹਾਨ ਸ਼ਹੀਦ ਭਾਈ ਸਾਹਿਬ ਸਿੰਘ ਦੀ ਚੌਥੀ ਪੀੜ੍ਹੀ ਦੇ ਵਾਰਿਸਾਂ ਜਗਦੀਪਕ ਸਿੰਘ ਤੇ ਜਸਵਿੰਦਰ ਕੌਰ ਸਮੇਤ ਜਤਿੰਦਰਪਾਲ ਸਿੰਘ ਸਲੂਜਾ ਸਪ੍ਰਸਤ ਪੰਜਾਬੀ ਵਿਰਸਾ ਫਾਊਂਡੇਸ਼ਨ, ਆਰਕੀਟੈਕਟ ਪੁਨੀਤ ਤੇ ਕਿਰਨਪਾਲ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।