ਗੁਰਿੰਦਰ ਸਿੰਘ
ਲੁਧਿਆਣਾ, 21 ਅਗਸਤ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਗੁਰੂ ਵਾਲੇ ਬਣਕੇ ਨਿਤਨੇਮੀ ਬਣਨ ਲਈ ਕਿਹਾ ਹੈ।
ਉਹ ਬਾਬਾ ਨੰਦ ਸਿੰਘ ਜੀ ਦੀ ਯਾਦ ਵਿੱਚ ਨਾਨਕਸਰ ਠਾਠ ਕੈਲੇ ਵਿਖੇ ਕਰਵਾਏ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ। ਪੱਖੋਵਾਲ ਰੋਡ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਆਪਣੇ ਪਿਛੋਕੜ ਬਾਰੇ ਜਾਣੂ ਹੋ ਸਕਣ।
ਲੀਲ ਨੇ ਸਿੰਘ ਸਾਹਿਬਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ, ਬਾਬਾ ਕਰਮ ਸਿੰਘ, ਕਨਵਰਜੀਤ ਸਿੰਘ ਪੱਪੂ ਆਦਿ ਹਾਜ਼ਰ ਸਨ।