ਰਾਮ ਗੋਪਾਲ ਰਾਏਕੋਟੀ
ਰਾਏਕੋਟ, 3 ਜੂਨ
ਅੱਜ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਹੋਈ ਤਹਿਸੀਲ ਪੱਧਰੀ ਮੀਟਿੰਗ ਨੂੰ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀਆਂ ਦੇਣ ਦੇ ਨਾਮ ’ਤੇ ਸੱਤਾ ਵਿੱਚ ਆਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਿਰਫ ਆਪਣੇ ਵਿਧਾਇਕਾਂ ਦੇ ਲੜਕਿਆਂ ਨੂੰ ਹੀ ਨੌਕਰੀ ਦੇਣਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਦੱਸਿਆ ਕਿ ਸੀਪੀਆਈ (ਐੱਮਐੱਲ) ਲਬਿਰੇਸ਼ਨ ਪਾਰਟੀ ਵੱਲੋਂ 7-8 ਜੂਨ ਨੂੰ ਸੂਬੇ ਵਿੱਚ ‘ਜਵਾਬ ਦਿਓ-ਹਿਸਾਬ ਦਿਓ’ ਦੇ ਨਾਅਰੇ ਹੇਠ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ/ਦਫਤਰਾਂ ਦਾ ਘਿਰਾਓ ਕਰ ਕੇ ਉਨ੍ਹਾਂ ਤੋਂ ਸਰਕਾਰ ਦੇ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣ ਲਈ ਦਿੱਤੇ ਧਰਨੇ ਦਿੱਤੇ ਜਾ ਰਹੇ ਹਨ।
ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਡਿਗਰੀ ਪ੍ਰਾਪਤ ਨੌਜਵਾਨ ਰੁਜ਼ਗਾਰ ਪ੍ਰਾਪਤੀ ਲਈ ਸੜਕਾਂ ਅਤੇ ਟੈਂਕੀਆਂ ਤੇ ਚੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਅਤੇ ਪੁਲੀਸ ਦੀਆਂ ਡਾਂਗਾ ਖਾ ਰਹੇ ਹਨ। ਜਦੋਂ ਕਿ ਦੂਸਰੇ ਪਾਸੇ ਕਾਂਗਰਸ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕਰ ਕੇ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ-ਵੱਡੀਆਂ ਨੌਕਰੀਆਂ ਦੇ ਰਹੀ ਹੈ। ਸਰਕਾਰ ਨੂੰ ਇਸ ਦਾ ਹਿਸਾਬ ਦੇਣਾ ਪਵੇਗਾ।