ਪੱਤਰ ਪ੍ਰੇਰਕ
ਜਗਰਾਉਂ, 2 ਅਗਸਤ
ਇਲਾਕੇ ਦੇ ਮਸ਼ਹੂਰ ਕਲੋਨਾਈਜ਼ਰ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮੁੱਖ ਸਾਜਿਸ਼ਘਾੜੇ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਾਮ ’ਤੇ 10 ਲੱਖ ਦੀ ਫਿਰੌਤੀ ਮੰਗੀ ਗਈ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਿੱਧੂ ਮੂਸੇਵਾਲੇ ਵਾਂਗ ਨਤੀਜੇ ਭੁਗਤਨ ਦੀ ਧਮਕੀ ਦਿੱਤੀ ਗਈ ਹੈ। ਰੌਇਲ ਵਿਲਾ ਕਲੋਨੀ ਦੇ ਵਸਨੀਕ ਗੁਰਕਿਰਪਾਲ ਸਿੰਘ ਢਿੱਲੋਂ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸਦੇ ਮੋਬਾਈਲ ’ਤੇ 95619 01716 ਨੰਬਰ ਤੋਂ ਕਾਲ ਆਈ ਸੀ। ਕਾਲ ਕਰਨ ਵਾਲੇ ਨੇ ਖ਼ੁਦ ਨੂੰ ਗੋਲਡੀ ਬਰਾੜ ਦਾ ਸਾਥੀ ਦੱਸਦਿਆਂ ਉਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ। ਸ਼ਿਕਾਇਤਕਰਤਾ ਅਨੁਸਾਰ, ਉਸਨੇ ਫੋਨ ਕੱਟ ਦਿੱਤਾ, ਪਰ ਉਸ ਨੰਬਰ ਤੋਂ ਲਗਾਤਾਰ ਕਾਲਾਂ ਆਉਂਦੀਆਂ ਰਹੀਆਂ। ਜਦੋਂ ਪੀੜਤ ਨੇ ਫੋਨ ਨਾ ਚੁੱਕਿਆ ਤਾਂ ਉਸ ਦੇ ਵ੍ਹਟਸ ਐਪ ਨੰਬਰ ’ਤੇ ਧਮਕੀਆਂ ਭਰੇ ਸੁਨੇਹੇ ਆਉਣੇ ਸ਼ੁਰੂ ਹੋ ਗਏ। ਪੀੜਤ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਪੁਲੀਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਲੋਨਾਈਜ਼ਰ ਨੂੰ ਮਿਲੀ ਧਮਕੀ ਤੋਂ ਬਾਅਦ ਸ਼ਹਿਰ ਦੇ ਕਾਰੋਬਾਰੀਆਂ ਵਿੱਚ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸਡੀਐੱਮ ਦੇ ਰੀਡਰ ਨੂੰ ਵੀ ਇਸੇ ਤਰ੍ਹਾਂ ਦਾ ਫੋਨ ਆਇਆ ਸੀ।