ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਅਪਰੈਲ
ਇੱਥੇ ਚੰਡੀਗੜ੍ਹ ਰੋਡ ਸਥਿਤ ਪੁਲੀਸ ਲਾਈਨ ਸਾਹਮਣੇ ਸ਼ਰਾਬ ਦੇ ਠੇਕੇ ਨਾਲ ਬਣੇ ਅਹਾਤੇ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਅਹਾਤੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਆਸਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਣ ਮਗਰੋਂ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ, ਜਿਨ੍ਹਾਂ ਕਰੀਬ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕੇ। ਉਧਰ ਅਹਾਤੇ ਵਿੱਚ ਅੱਗ ਲੱਗਣ ਕਾਰਨ ਸ਼ਰਾਬ ਦੇ ਠੇਕੇ ਵਾਲਿਆਂ ਨੂੰ ਵੀ ਭਾਜੜਾਂ ਪੈ ਗਈਆਂ ਤੇ ਉਨ੍ਹਾਂ ਨੇ ਵੀ ਆਪਣਾ ਸਾਮਾਨ ਠੇਕੇ ਤੋਂ ਬਾਹਰ ਕੱਢਣਾ ਦਿੱਤਾ।