Punjab Government Employees Protest: ਸਰਕਾਰੀ ਕਾਲਜ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪੂਰੀਆਂ ਤਨਖਾਹਾਂ ਦੇਣ ਅਤੇ ਰੈਗੂਲਰ ਕਰਨ ਦੀ ਮੰਗ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਅਤੇ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਸ਼ਾਖਾ ਸਰਕਾਰੀ ਕਾਲਜ ਲੜਕੀਆਂ ਦੇ ਕਰਮਚਾਰੀਆਂ ਵੱਲੋਂ ਪੂਰੀਆਂ ਤਨਖਾਹਾਂ ’ਤੇ ਪੱਕੇ ਕਰਨ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਸਮੇਤ ਹੋਰ ਕਈ ਮੁਲਾਜ਼ਮ ਪਿਛਲੇ 25-30 ਸਾਲ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ, ਕਿਸੇ ਵੀ ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਹੈ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ ਹੈ ਜਦਕਿ ਮਹਿੰਗਾਈ ਕਈ ਗੁਣਾਂ ਵਧ ਗਈ ਹੈ। ਹੁਣ ਤਾਂ ਉਨ੍ਹਾਂ ਨੂੰ ਇੰਨੀ ਕੁ ਤਨਖਾਹ ’ਤੇ ਆਪਣੇ ਪਰਿਵਾਰ ਪਾਲਣੇ ਵੀ ਮੁਸ਼ਕਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਕਿਹਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿਚਲੇ ਸਰਕਾਰੀ ਕਾਲਜਾਂ ਵਿੱਚ ਕੋਈ ਵੀ ਕਰਮਚਾਰੀ ਪੱਕਾ ਨਹੀਂ ਕੀਤਾ, ਉਨ੍ਹਾਂ ਤੋਂ ਡੀ ਸੀ ਰੇਟਾਂ ’ਤੇ ਕੰਮ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਈ ਕਰਮਚਾਰੀ ਸਮਾਂ ਸੀਮਾ ਪੂਰੀ ਕਰ ਕੇ ਸੇਵਾਮੁਕਤ ਹੋ ਚੁੱਕੇ ਹਨ। ਇਸ ਸਬੰਧੀ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਦੇ ਮੰਗ ਪੱਤਰਾਂ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਬਿਨਾਂ ਸ਼ਰਤ ਪੱਕਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਗੁਰਮੇਲ ਸਿੰਘ ਮੈਲਡੇ, ਜਰਨਲ ਸਕੱਤਰ ਲੁਧਿਆਣਾ ਸੁਰਿੰਦਰ ਸਿੰਘ ਬੈਂਸ, ਕਾਲਜ ਪ੍ਰਧਾਨ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ਿਮਲਾਪੁਰੀ, ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ, ਸਕੱਤਰ ਸੰਦੀਪ ਵਰਮਾ, ਚਰਨਜੀਤ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਨਿਸ਼ਾ ਰਾਣੀ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।

