ਪੱਤਰ ਪ੍ਰੇਰਕ
ਸਮਰਾਲਾ, 21 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪਸ਼ੂਆਂ ’ਚ ਬੁਰੀ ਤਰ੍ਹਾਂ ਪੈਰ ਪਸਾਰ ਚੁਕੀ ਲੰਪੀ ਸਕਿਨ ਨਾਂ ਦੀ ਬਿਮਾਰੀ ’ਤੇ ਡੂੰਘੀ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੇ ਹਾਲਾਤਾਂ ’ਤੇ ਕਾਬੂ ਪਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲ ਹਕੀਕਤ ਸਰਕਾਰ ਦੇ ਤੱਥਾਂ ਤੇ ਕੀਤੇ ਗਏ ਦਾਅਵਿਆਂ ਤੋਂ ਕੋਹਾਂ ਦੂਰ ਹੈ। ਢਿੱਲੋਂ ਨੇ ਕਿਹਾ ਕਿ ਸਰਕਾਰ ਲੰਪੀ ਸਕਿਨ ਤੋਂ ਪ੍ਰਭਾਵਿਤ ਹੋ ਰਹੇ ਪਸ਼ੂਆਂ ਦਾ ਡਾਕਟਰੀ ਇਲਾਜ ਕਰਵਾਉਣ ’ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦਾ ਸਹੀ ਢੰਗ ਨਾਲ ਇਲਾਜ ਨਹੀਂ ਹੋ ਰਿਹਾ ਹੋ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰ ਕੇ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਵਿਉਂਤਬੰਦੀ ਕਰ ਕੇ ਲੋਕਾਂ ਦੇ ਪਸ਼ੂਧਨ ਦਾ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਇਆ ਜਾਵੇ ਤੇ ਜ਼ਮੀਨੀ ਪੱਧਰ ਤੱਕ ਡਾਕਟਰਾਂ ਦੀਆਂ ਟੀਮਾਂ ਰਵਾਨਾ ਕਰ ਕੇ ਪਸ਼ੂ ਪਾਲਕਾਂ ਨੂੰ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣ। ਇਸ ਤੋਂ ਇਲਾਵਾ ਜਿਨ੍ਹਾਂ ਦੇ ਪਸ਼ੂਆਂ ਦਾ ਜਾਨੀ ਨੁਕਸਾਨ ਹੋ ਚੁੱਕਿਆ ਹੈ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਵੀ ਪ੍ਰਦਾਨ ਕੀਤਾ ਜਾਵੇ।