ਸਰਕਾਰ ਤੁਰੰਤ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਵੇ: ਢਿੱਲੋਂ
ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਸਸਰਾਲੀ ਕਲੋਨੀ ਵਿੱਚ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਪਿੰਡਾਂ ਦੇ ਲੋਕਾਂ ਨਾਲ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਫ਼ਸਲਾਂ ਇਸ ਹੜ੍ਹ ਦੇ ਪਾਣੀ ਵਿੱਚ ਰੁੜ੍ਹੀਆਂ ਹਨ ਉਨ੍ਹਾਂ ਦੇ ਘਰ ਰੋਟੀ ਨਹੀਂ ਪੱਕ ਰਹੀ ਕਿਉਂਕਿ ਉਨ੍ਹਾਂ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਫ਼ਸਲਾਂ ਰੁੜ੍ਹੀਆਂ ਹਨ ਉਨ੍ਹਾਂ ਨੂੰ ਫੌਰੀ ਤੌਰ ’ਤੇ 50-50 ਹਜ਼ਾਰ ਰੁਪਏ ਜਾਰੀ ਕੀਤੇ ਜਾਣ ਤੇ ਮਗਰੋਂ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹਨ ਕਿਉਂਕਿ ਜੇਕਰ ਪਹਿਲਾਂ ਠੋਸ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਹਾਲਾਤ ਨਾ ਹੁੰਦੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਤਲੁਜ ਦਰਿਆ ਵਿਚ ਕਰੀਬ 100 ਏਕੜ ਜ਼ਮੀਨ ਸਾਹਨੇਵਾਲ ਖੇਤਰ ਵਿਚ ਹੀ ਰੁੜ੍ਹ ਗਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਚਰਨਜੀਤ ਸਿੰਘ ਚੰਨੀ, ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਵਿਰਕ ਹਾਜ਼ਰ ਸਨ।