ਸਤਵਿੰਦਰ ਬਸਰਾ
ਲੁਧਿਆਣਾ, 10 ਅਕਤੂਬਰ
ਲੁਧਿਆਣਾ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਨੇ ਅੱਜ ਤੋਂ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਝੰਡੇ ਥੱਲੇ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਨਰਲ ਸਕੱਤਰ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਇਹ ਹੜਤਾਲ 15 ਅਕਤੂਬਰ ਤੱਕ ਜਾਰੀ ਰਹੇਗੀ। ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੇ ਜਿੱਥੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਉੱਥੇ ਆਪਣੀਆਂ ਮੰਗਾਂ ਨੂੰ ਪੂਰਿਆਂ ਕਰਨ ਦੀ ਮੰਗ ਕੀਤੀ।
ਸੰਜੀ ਭਾਰਗਵ ਨੇ ਕਿਹਾ ਕਿ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੋ ਗਈ ਹੈ। ਮੁਲਾਜ਼ਮਾਂ ਨੇ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਇਆ ਸੀ ਪਰ ਇਹ ਸਰਕਾਰ ਵੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਆਗੂਆਂ ਨੇ ਪੇਅ ਕਮਿਸ਼ਨ ਲਾਗੂ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਵਰਗੇ ਵਾਅਦੇ ਕੀਤੇ ਸਨ ਪਰ ਸੱਤਾ ਵਿੱਚ ਆਉਂਦਿਆਂ ਹੀ ਟਾਲ-ਮਟੋਲ ਕਰਕੇ ਡੰਗ ਟਪਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਲੁਧਿਆਣਾ ਸਮੇਤ ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਲੜੀਵਾਰ 4 ਜ਼ੋਨਲ ਰੈਲੀਆਂ ਕਰਕੇ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਦਾ ਕੋਈ ਸੱਦਾ ਤੱਕ ਨਹੀਂ ਦਿੱਤਾ, ਇਸ ਲਈ ਸੰਗਰੂਰ ਵਿਖੇ ਕੀਤੀ ਰੈਲੀ ਦੌਰਾਨ ਸੂਬਾਈ ਜੱਥੇਬੰਦੀ ਵੱਲੋਂ ਪੰਜ ਦਿਨ ਦੀ ਮੁਕੰਮਲ ਕੰਮ ਬੰਦ ਕਰਨ ਸਬੰਧੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੀਡਬਲਿਯੂਡੀ ਦੇ ਸੂਬਾ ਪ੍ਰਧਾਨ ਅਮਿਤ ਅਰੋੜਾ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮਾਂ ਵੱਲੋਂ ਹਿਮਾਚਲ ਪ੍ਰਦੇਸ਼ ਵਿਖੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਿਰੁੱਧ ਡੱਟ ਕੇ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਸੀਪੀਐਫ ਜ਼ਿਲ੍ਹਾ ਪ੍ਰਧਾਨ ਸੰਦੀਪ ਭੰਬਕ ਅਤੇ ਪੀਐਸਐਮਐਸਯੂ ਜ਼ਿਲ੍ਹਾ ਵਿੱਤ ਸਕੱਤਰ ਸੁਨੀਲ ਕੁਮਾਰ, ਸਿਹਤ ਵਿਭਾਗ ਤੋਂ ਰਾਕੇਸ਼ ਕੁਮਾਰ ਵੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਲਈ ਆਖਿਆ।