ਪੀ ਏ ਯੂ ਵਿੱਚ ਡਿਗਰੀ ਵੰਡ ਸਮਾਗਮ
ਪੰਜਾਬੀ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ 2018-19 ਤੋਂ 2023-24 ਤੱਕ ਖੇਤੀ ਇੰਜਨੀਅਰਿੰਗ ਕਾਲਜ ਅਤੇ ਕਮਿਊਨਿਟੀ ਸਾਇੰਸ ਕਾਲਜ ਵਿੱਚ ਪੜ੍ਹਾਈ ਕਰਨ ਵਾਲੇ 394 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਦੌਰਾਨ ਇਨਾਮ ਵੰਡ ਸਮਾਗਮ ਵੀ ਹੋਇਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਅਮਰੀਕਾ ਦੇ ਪ੍ਰੋਫੈਸਰ ਐਮੀਰਟਸ ਡਾ. ਮਨਜੀਤ ਸਿੰਘ ਛੀਨਣ ਸਨ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੀ ਪਤਨੀ ਡਾ. ਲਤਾ ਮਹਾਹਨ ਛੀਨਣ ਵੀ ਮੌਕੇ ’ਤੇ ਮਜੂੌਦ ਸਨ। ਸਮਾਰੋਹ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਡਾ. ਗੋਸਲ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਡਾ. ਛੀਨਣ ਨੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਕਾਦਮਿਕ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਰੀ ਉਮਰ ਸਿੱਖਣ ਦੀ ਪ੍ਰਕਿਰਿਆ ਦਾ ਹਿੱਸਾ ਬਣਿਆ ਰਹਿੰਦਾ ਹੈ ਅਤੇ ਆਪਣੀ ਡਿਗਰੀ ਨੂੰ ਸਾਰਥਕ ਸਾਬਿਤ ਕਰਨ ਦੀ ਕੋਸ਼ਿਸ਼ ਕਰਦਾ ਹੈ। ਡਾ. ਛੀਨਣ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਅਤੇ ਆਪਣਾ ਨਿਸ਼ਾਨਾ ਹਾਸਲ ਹੋਣ ਤੱਕ ਨਾ ਰੁਕਣ ਦਾ ਸੱਦਾ ਦਿੱਤਾ। ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਨੇ ਕਾਲਜ ਦੀਆਂ ਅਕਾਦਮਿਕ, ਖੋਜ ਅਤੇ ਪਸਾਰ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਬਦਲਦੇ ਖੇਤੀ ਦ੍ਰਿਸ਼ਾ ਮੁਤਾਬਕ ਏ ਆਈ ਸੈਂਸਰ ਅਧਾਰਿਤ ਖੇਤੀ ਕਾਰਜ, ਸਵੈ-ਚਾਲਿਤ ਉਪਕਰਨਾਂ ਦੀ ਖੋਜ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬੀ ਟੈੱਕ ‘ਖੇਤੀ ਇੰਜਨੀਅਰਿੰਗ’ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਦਿੱਤੇ ਗਏ। ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਾਲਜ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਅਤੇ ਡਿਗਰੀ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ।
ਇਸ ਇਨਾਮ ਵੰਡ ਸਮਾਰੋਹ ਦੌਰਾਨ ਬੀ ਐੱਸ ਸੀ (ਆਨਰਜ਼) ਹੋਮ ਸਾਇੰਸ, ਬੀ ਐੱਸ ਸੀ (ਆਨਰਜ਼) ਨਿਊਟ੍ਰਿਸ਼ਨ ਅਤੇ ਡਾਈਟੈਟਿਕਸ, ਬੀ ਐੱਸ ਸੀ (ਆਨਰਜ਼) ਫੈਸ਼ਨ ਡਿਜ਼ਾਈਨਿੰਗ, ਬੀ ਐੱਸ ਸੀ (ਆਨਰਜ਼) ਇਨਟੀਰੀਅਰ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਸਮਾਪਤੀ ਉਪਰੰਤ ਡਿਗਰੀਆਂ, ਤਮਗਿਆਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
