ਪੱਤਰ ਪ੍ਰੇਰਕ
ਸਮਰਾਲਾ, 5 ਦਸੰਬਰ
ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਆਖਿਆ ਕਿ ਕਾਂਗਰਸ ਸਰਕਾਰ ਨੇ ਪੰਜਾਬ ਨਿਰਮਾਣ ਸਕੀਮ ਅਧੀਨ ਪਿੰਡਾਂ ਦੀ ਨੁਹਾਰ ਬਦਲਣ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਹਨ। ਢਿੱਲੋਂ ਅੱਜ ਇਥੇ ਬਲਾਕ ਸਮਿਤੀ ਦਫ਼ਤਰ ਵਿੱਚ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਢਾਈ ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਮੂਹ ਪੰਚਾਇਤਾਂ ਨੂੰ ਪਾਰਦਰਸ਼ੀ ਢੰਗ ਨਾਲ ਇਹ ਗਰਾਂਟਾਂ ਖਰਚ ਕਰਦੇ ਹੋਏ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਪਿੰਡਾਂ ਦੇ ਸਰਬਪੱਖੀ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾ ਬਲਾਕ ਸਮਿਤੀ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਵੰਡੀਆਂ ਗਈਆਂ ਢਾਈ ਕਰੋੜ ਰੁਪਏ ਦੀਆਂ ਗ੍ਰਾਂਟਾ ਵਿੱਚੋਂ 1 ਕਰੋੜ 14 ਲੱਖ ਰੁਪਏ ਦੀ ਰਾਸ਼ੀ ਪਿੰਡਾਂ ਦੀਆਂ ਗਲੀਆਂ-ਨਾਲੀਆਂ ਦੀ ਉਸਾਰੀ ਤੇ ਹੋਰ ਵਿਕਾਸ ਕੰਮਾਂ ’ਤੇ ਖਰਚ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪਰਿਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ, ਚੇਅਰਮੈਨ ਸੁਖਵੀਰ ਸਿੰਘ ਪੱਪੀ, ਪੀ.ਏ. ਲਬੀ ਢਿੱਲੋਂ ਸਮੇਤ ਬਲਾਕ ਸਮਿਤੀ ਮੈਂਬਰ ਅਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।