ਗਰੇਵਾਲ ਵੱਲੋਂ ਐੱਨਐੱਚਏਆਈ ਦੀ ਟੀਮ ਨਾਲ ਹਾਈਵੇਅ ਦਾ ਦੌਰਾ
ਵਿਧਾਇਕ ਵੱਲੋਂ ਅਧੂਰੇ ਕਾਰਜ ਜਲਦ ਮੁਕੰਮਲ ਕਰਨ ਦੀ ਹਦਾਇਤ
Advertisement
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਦੀ ਟੀਮ ਨਾਲ ਅੱਜ ਹਲਕਾ ਪੂਰਬੀ ਦੇ ਨਾਲ ਲੱਗਦੇ ਹਾਈਵੇਅ ਦਾ ਦੌਰਾ ਕੀਤਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਐੱਨਐੱਚਏਆਈ ਵੱਲੋਂ ਆਪਣੇ ਕੰਮ ਵਿੱਚ ਢਿੱਲ ਵਰਤੀ ਜਾ ਰਹੀ ਹੈ ਜਿਸ ਕਾਰਨ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਐੱਨ.ਐੱਚ.ਏ.ਆਈ. ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਪਹਿਲਾਂ ਵੀ ਮੁਆਇਨਾ ਕਰ ਕੇ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਹਾਈਵੇਅ ਦੇ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ, ਪਰ ਇਸ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਵਿਧਾਇਕ ਸ੍ਰੀ ਗਰੇਵਾਲ ਨੇ ਕਿਹਾ ਅੱਜ ਮੁੜ ਐੱਨਐੱਚਏਆਈ ਦੀ ਟੀਮ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਹਾਈਵੇਅ ਦਾ ਮੁਆਇਨਾ ਕੀਤਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਬਸਤੀ ਯੋਧੇਵਾਲ ਚੌਕ ਪੁਲ ਦੇ ਨਾਲ ਬਾਕੀ ਪਏ ਕੰਮ ਬਾਰੇ ਵੀ ਜਾਣੂ ਕਰਵਾਇਆ ਹੈ। ਇਸ ਤੋਂ ਇਲਾਵਾ ਸੁੰਦਰ ਨਗਰ, ਕੈਲਾਸ਼ ਨਗਰ ਅਤੇ ਪਿਛਲੇ ਕਾਫੀ ਸਮੇਂ ਤੋਂ ਪਾਸ ਹੋ ਚੁੱਕੇ ਹੋਰ ਅੰਡਰਪਾਸ ਜਿਨ੍ਹਾਂ ’ਤੇ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ, ਬਾਰੇ ਵੀ ਟੀਮ ਨੂੰ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਦੀ ਟੀਮ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਕੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇਕਰ 15 ਦਿਨਾਂ ਵਿੱਚ ਐੱਨ.ਐੱਚ.ਏ.ਆਈ. ਵੱਲੋਂ ਇਸ ਕੰਮ ਨੂੰ ਮੁਕੰਮਲ ਨਹੀਂ ਕੀਤਾ ਗਿਆ ਤਾਂ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
Advertisement
Advertisement