ਗੁਰਦੁਆਰਾ ਭਾਈ ਰਣਧੀਰ ਸਿੰਘ ਨਗਰ ਵੱਲੋਂ ‘ਵਾਰਿਸ ਪੰਜਾਬ ਦੇ’ ਨੂੰ ਹਮਾਇਤ
ਗੁਰਦੁਆਰਾ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਈ-ਬਲਾਕ ਵੱਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹਿਮਾਇਤ ਕਰਨ ਦਾ ਐਲਾਨ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਦੇ ਪਿਤਾ ਤਰਸੇਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ। ਅੱਜ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ। ਸਮਾਗਮ ਵਿੱਚ ਸੱਚਿਆਪਾਲ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਸਕੱਤਰ, ਗੁਲਬਹਾਰ ਸਿੰਘ ਸਾਬਕਾ ਪ੍ਰਧਾਨ, ਨਰਿੰਦਰ ਸਿੰਘ ਬੱਗਾ, ਪ੍ਰਿਤਪਾਲ ਸਿੰਘ, ਬਲਦੇਵ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ। ਉਨ੍ਹਾਂ ਬਾਪੂ ਤਰਸੇਮ ਸਿੰਘ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਇਸ ਬਾਪੂ ਤਰਸੇਮ ਸਿੰਘ ਖਾਲਸਾ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਾਲੇ ਬਣ ਕੇ ਉਨ੍ਹਾਂ ਦੇ ਦਸੇ ਮਾਰਗ ਅਤੇ ਸਿੱਖਿਆਵਾਂ ਤੇ ਚੱਲਣ ਦੀ ਬੇਨਤੀ ਕੀਤੀ। ਉਨ੍ਹਾਂ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਪਾਰਟੀ ਨੂੰ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੱਕ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ ਜਦਕਿ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ ਜਾਵੇਗੀ ਜਿਸ ਵਿੱਚ ਹਰ ਨਾਗਰਿਕ ਨੂੰ ਪੂਰਾ ਮਾਣ ਸਨਮਾਨ ਮਿਲੇਗਾ।