ਗੁਰਦੁਆਰਾ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਵਿੱਚ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਹੈੱਡ ਗ੍ਰੰਥੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਗੁਰਮੀਤ ਸਿੰਘ ਸਲੂਜਾ, ਗੁਰਚਰਨ ਸਿੰਘ, ਕੁਲਦੀਪ ਸਿੰਘ ਦੀਪ ਅਤੇ ਅਮਰਜੀਤ ਸਿੰਘ ਟੋਨੀ ਨੇ ਜਥੇ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸੁਸਾਇਟੀ ਦੀ ਸਯੁੰਕਤ ਮੀਟਿੰਗ ਹੋਈ ਜਿਸ ਵਿੱਚ ਗੁਰਦੁਆਰਾ ਗੁਰੂ ਸਿੰਘ ਸਭਾ ਹਰਨਾਮ ਨਗਰ ਵੱਲੋਂ ਚਲਾਏ ਜਾ ਰਹੇ ਹਸਪਤਾਲ ਦਾ ਇੱਕ ਸਾਲ ਪੂਰਾ ਹੋਣ ਤੇ ਸਾਰੇ ਮੈਂਬਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੇ ਸਹਿਯੋਗ ਸਦਕਾ ਸੰਗਤ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਗੁਰਦੁਆਰਾ ਅਤੇ ਹਸਪਤਾਲ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਪੁਰਬ 8 ਅਕਤੂਬਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਮੁੱਖ ਸੇਵਾਦਾਰ ਗੁਰਮੀਤ ਸਿੰਘ ਸਲੂਜਾ ਨੇ ਦੱਸਿਆ ਕਿ ਅੰਮ੍ਰਿਤ ਵੇਲੇ 4 ਵਜੇ ਤੋਂ ਲੈਕੇ ਦੁਪਿਹਰੇ 1 ਵਜੇ ਤੱਕ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਸਵੇਰੇ 6 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਪ੍ਰਭਾਤ ਫੇਰੀ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਗੁਰਮਤਿ ਪ੍ਰਚਾਰ ਸਭਾ ਦੇ ਸਹਿਯੋਗ ਨਾਲ 12 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 11-30 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਸਾਹਿਬ ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਸਾਹਿਬ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਸਾਹਿਬ ਭਾਈ ਓਮਪਰੀਤ ਸਿੰਘ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ।