ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਗੁਰੂਘਰਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸੰਗਤ ਨੂੰ ਕੀਰਤਨੀ ਜੱਥਿਆਂ ਅਤੇ ਪ੍ਰਚਾਰਕਾਂ ਨੇ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।
ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵੱਚ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਕੀਰਤਨੀ ਜੱਥਿਆ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਕਿਹਾ। ਇਸਤੋਂ ਪਹਿਲਾਂ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਅਤੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਗੁਰਮਤਿ ਸਮਾਗਮ ਕਰਵਾਉਣੇ ਤਾਂ ਹੀ ਸਫ਼ਲਾ ਹੋ ਸਕਦੇ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ। ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਸੁਖਵਿੰਦਰ ਸਿੰਘ ਹੈਪੀ, ਗੁਰਦੀਪ ਸਿੰਘ ਡੀਮਾਰਟੇ ਅਤੇ ਪਰਮਜੀਤ ਸਿੰਘ ਸੇਠੀ ਵੱਲੋ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕਰਕੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਰੋਸ਼ਨੀ ਪਾਈ। ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ।