ਪੱਤਰ ਪ੍ਰੇਰਕ
ਮਾਛੀਵਾੜਾ, 23 ਦਸੰਬਰ
ਕਾਂਗਰਸ ਪਾਰਟੀ ਦੇ ਪ੍ਰਦੇਸ਼ ਸਕੱਤਰ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਇਸ ਵਾਰ ਹਲਕਾ ਸਾਹਨੇਵਾਲ ਦੇ ਸਾਰੇ ਹੀ ਕਾਂਗਰਸੀ ਆਗੂ ਤੇ ਵਰਕਰ ਇੱਕਜੁਟ ਹੋ ਕੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਨੂੰ ਜਿਤਾਉਣ ਲਈ ਤਿਆਰ-ਬਰ-ਤਿਆਰ ਬੈਠੇ ਹਨ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਕਰਮ ਬਾਜਵਾ ਨੇ ਇੱਥੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼ਕਤੀ ਆਨੰਦ ਦੇ ਗ੍ਰਹਿ ਵਿੱਚ ਕੀਤਾ। ਸ੍ਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੀ ਹੈ ਜਿਸ ਨੇ ਹਰੇਕ ਵਰਗ ਦੇ ਲੋਕਾਂ ਦਾ ਬਿਜਲੀ ਬਿੱਲ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ। ਹਲਕਾ ਸਾਹਨੇਵਾਲ ਦੀ ਗੱਲ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਮੀਟਿੰਗਾਂ ਦੌਰਾਨ ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਖੁਸ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਕੋਲ ਕੇਵਲ ਝੂਠੇ ਲਾਰੇ ਤੇ ਵਾਅਦੇ ਹਨ ਜਦਕਿ ਕਾਂਗਰਸ ਨੇ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ। ਇਸ ਮੌਕੇ ਮੌਜੂਦ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼ਕਤੀ ਆਨੰਦ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਡਵੋਕੇਟ ਕਪਿਲ ਆਨੰਦ ਤੇ ਪਰਮਜੀਤ ਪੰਮੀ (ਦੋਵੇਂ ਕੌਂਸਲਰ) ਵੀ ਮੌਜੂਦ ਸਨ।