ਹਲਵਾਰਾ ਹਵਾਈ ਅੱਡਾ: ਉਦਘਾਟਨ ਤੋਂ ਪਹਿਲਾਂ 25 ਨੂੰ ਦਿੱਲੀ ’ਚ ਅਧਿਕਾਰੀਆਂ ਦੀ ਮੀਟਿੰਗ
ਪਿਛਲੇ 7 ਸਾਲਾਂ ਦੀ ਲੰਬੀ ਉਡੀਕ ਬਾਅਦ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਵਿੱਚ ਬਣੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਉਡਾਣ ਭਰਨ ਦਾ ਸੁਪਨਾ ਦੇਖਣ ਵਾਲਿਆਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਵਾਲਾ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਸਾਰੇ ਉਸਾਰੀ ਕਾਰਜ ਪੂਰੇ ਹੋਣ ਬਾਅਦ ਕੌਮਾਂਤਰੀ ਹਵਾਈ ਅੱਡਾ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਭਾਰਤੀ ਹਵਾਈ ਅੱਡਾ ਅਥਾਰਿਟੀ ਹਵਾਲੇ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ, ਭਾਰਤੀ ਹਵਾਈ ਅੱਡਾ ਅਥਾਰਿਟੀ, ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਦਿੱਲੀ ਵਿੱਚ 25 ਸਤੰਬਰ ਨੂੰ ਮਹੱਤਵਪੂਰਨ ਮੀਟਿੰਗ ਤੈਅ ਕੀਤੀ ਗਈ ਹੈ। ਸਾਰੀਆਂ ਰਸਮੀ ਕਾਰਵਾਈਆਂ ਦੀ ਪੂਰਤੀ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਸੋਮਵਾਰ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਡੀਸੀ ਹਿਮਾਂਸ਼ੂ ਜੈਨ ਦੀ ਵਾਪਸੀ ’ਤੇ ਹਵਾਈ ਅੱਡੇ ਦੇ ਨਿਰਮਾਣ ਅਤੇ ਸੰਚਾਲਨ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਦੀ ਉੱਚ-ਪੱਧਰੀ ਮੀਟਿੰਗ ਵਿੱਚ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਹਵਾਈ ਅੱਡੇ ਦੇ ਤਬਾਦਲੇ ਦੀਆਂ ਸਰਕਾਰੀ ਰਸਮਾਂ ਪੂਰੀਆਂ ਹੋਣ ਬਾਅਦ ਹਵਾਈ ਉਡਾਣਾਂ ਦੀ ਸਮਾਂ-ਸਾਰਨੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉੱਧਰ ਕੌਮਾਂਤਰੀ ਹਵਾਈ ਅੱਡੇ ਦੇ ਨਿਰਮਾਣ ਅਤੇ ਸੰਚਾਲਨ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਲਈ ਰਾਜਸੀ ਰੱਸਾਕਸ਼ੀ ਵੀ ਸ਼ੁਰੂ ਹੋ ਗਈ ਹੈ। ਭਾਜਪਾ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਹੋਰ ਭਾਜਪਾ ਆਗੂਆਂ ਵੱਲੋਂ ਹਵਾਈ ਅੱਡੇ ਦੇ ਉਦਘਾਟਨ ਅਤੇ ਉਡਾਣਾਂ ਦੀ ਰਸਮੀ ਸ਼ੁਰੂਆਤ ਦੇ ਸਮਾਗਮ ਦੀ ਤਿਆਰੀ ਆਰੰਭ ਦਿੱਤੀ ਗਈ ਹੈ। ਉੱਧਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੌਮਾਂਤਰੀ ਹਵਾਈ ਅੱਡੇ ਦੇ ਨਿਰਮਾਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ਵਿੱਚ ਸ਼ਾਮਲ ਹਨ। ਜਦਕਿ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਦੇ ਮੈਂਬਰ ਡਾ. ਅਮਰ ਸਿੰਘ ਅਨੁਸਾਰ 2018 ਵਿੱਚ ਕੈਪਟਨ ਅਮਰਿੰਦਰ ਦੀ ਸਰਕਾਰ ਮੌਕੇ ਇਸ ਹਵਾਈ ਅੱਡੇ ਦੀ ਉਸਾਰੀ ਦਾ ਮੁੱਢ ਉਨ੍ਹਾਂ ਦੇ ਯਤਨਾਂ ਸਦਕਾ ਬੱਝਿਆ ਸੀ। ਇਸੇ ਚੱਕਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਉਦਘਾਟਨ ਦਾ ਐਲਾਨ ਵੀ ਖ਼ੁਦ ਹੀ ਕਰ ਦਿੱਤਾ ਸੀ। ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪ੍ਰਦੀਪ ਕੁਮਾਰ ਨੇ ਹਵਾਈ ਅੱਡੇ ਦੇ ਤਬਾਦਲੇ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਇਸ ਦੇ ਚਾਲੂ ਹੋਣ ਤੋਂ ਪਹਿਲਾਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ।