ਪੱਤਰ ਪ੍ਰੇਰਕ
ਸਮਰਾਲਾ, 9 ਜਨਵਰੀ
ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ ਨੂੰ ਸਰਕਲ ਮਾਦਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
ਇਹ ਨਿਯੁਕਤੀ ਕਰਦਿਆਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਢਿੱਲੋਂ ਵੱਲੋਂ ਹਰਪ੍ਰੀਤ ਸਿੰਘ ਬਾਲਿਓਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਪਰਮਜੀਤ ਢਿੱਲੋਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਬਾਲਿਓਂ ਅਕਾਲੀ ਦਲ ਦਾ ਆਧਾਰ ਪੂਰੇ ਇਲਾਕੇ ’ਚ ਮਜ਼ਬੂਤ ਕਰਨ ਲਈ ਮੁੱਢ ਤੋਂ ਹੀ ਸਰਗਰਮ ਰਹੇ ਹਨ ਤੇ ਇਸ ਵੱਡੇ ਅਹੁਦੇ ਦੇ ਮਿਲਣ ਤੋਂ ਬਾਅਦ ਉਹ ਹੋਰ ਉਤਸ਼ਾਹਿਤ ਹੋ ਕੇ ਵੱਧ ਤੋਂ ਵੱਧ ਗਿਣਤੀ ’ਚ ਇਲਾਕੇ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਸਿਖਰਾਂ ’ਤੇ ਲਿਜਾਣ ’ਚ ਆਪਣਾ ਵੱਡਾ ਯੋਗਦਾਨ ਪਾਉਣਗੇ।
ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੋਆਰਡੀਨੇਟਰ ਹਰਪ੍ਰੀਤ ਸਿੰਘ ਬਾਲਿਓਂ ਨੇ ਪਰਮਜੀਤ ਢਿੱਲੋਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ, ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਤੇ ਸਿਦਕ ਦਿਲੀ ਨਾਲ ਨਿਭਾਉਣਗੇ।